ਮਃ ੪ ॥
ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥
ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥
ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥
ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥
ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥
ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥
ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥

Sahib Singh
ਭਲਕੇ = ਨਿੱਤ ਸਵੇਰੇ ।
ਅੰਮਿ੍ਰਤਸਰਿ = ਨਾਮ = ਰੂਪ ਅੰਮਿ੍ਰਤ ਦੇ ਸਰੋਵਰ ਵਿਚ ।
ਉਪਦੇਸਿ = ਉਪਦੇਸ਼ ਦੀ ਰਾਹੀਂ ।
ਕਿਲਵਿਖ = ਪਾਪ ।
ਸਾਸਿ = ਸਾਹ ਦੇ ਨਾਲ ।
ਗਿਰਾਸਿ = ਗਿਰਾਹੀ ਦੇ ਨਾਲ ।
ਸਾਸਿ ਗਿਰਾਸਿ = ਹਰ ਦਮ ।
ਅਵਰਹ = ਹੋਰਨਾਂ ਨੂੰ ।੨ ।
    
Sahib Singh
ਜੋ ਮਨੁੱਖ ਸਤਿਗੁਰੂ ਦਾ (ਸੱਚਾ) ਸਿੱਖ ਅਖਵਾਂਦਾ ਹੈ (ਭਾਵ, ਜਿਸ ਨੂੰ ਲੋਕ ਸੱਚਾ ਸਿੱਖ ਆਖਦੇ ਹਨ) ਉਹ ਰੋਜ਼ ਸਵੇਰੇ ਉੱਠ ਕੇ ਹਰਿ-ਨਾਮ ਦਾ ਸਿਮਰਨ ਕਰਦਾ ਹੈ, ਹਰ ਰੋਜ਼ ਸਵੇਰੇ ਉੱਦਮ ਕਰਦਾ ਹੈ, ਇਸ਼ਨਾਨ ਕਰਦਾ ਹੈ (ਤੇ ਫਿਰ ਨਾਮ-ਰੂਪ) ਅੰਮਿ੍ਰਤ ਦੇ ਸਰੋਵਰ ਵਿਚ ਟੁੱਭੀ ਲਾਉਂਦਾ ਹੈ, ਸਤਿਗੁਰੂ ਦੇ ਉਪਦੇਸ਼ ਦੁਆਰਾ ਪ੍ਰਭੂ ਦੇ ਨਾਮ ਦਾ ਜਾਪ ਜਪਦਾ ਹੈ ਤੇ (ਇਸ ਤ੍ਰਹਾਂ) ਉਸ ਦੇ ਸਾਰੇ ਪਾਪ-ਵਿਕਾਰ ਲਹਿ ਜਾਂਦੇ ਹਨ; ਫਿਰ ਦਿਨ ਚੜ੍ਹੇ ਸਤਿਗੁਰੂ ਦੀ ਬਾਣੀ ਦਾ ਕੀਰਤਨ ਕਰਦਾ ਹੈ ਤੇ (ਦਿਹਾੜੀ) ਬਹਿੰਦਿਆਂ ਉੱਠਦਿਆਂ (ਭਾਵ, ਕਾਰ-ਕਿਰਤਕਰਦਿਆਂ) ਪ੍ਰਭੂ ਦਾ ਨਾਮ ਸਿਮਰਦਾ ਹੈ ।
ਸਤਿਗੁਰੂ ਦੇ ਮਨ ਵਿਚ ਉਹ ਸਿੱਖ ਚੰਗਾ ਲੱਗਦਾ ਹੈ ਜੋ ਪਿਆਰੇ ਪ੍ਰਭੂ ਨੂੰ ਹਰ ਦਮ ਯਾਦ ਕਰਦਾ ਹੈ ।
ਜਿਸ ਤੇ ਪਿਆਰਾ ਪ੍ਰਭੂ ਦਿਆਲ ਹੁੰਦਾ ਹੈ, ਉਸ ਗੁਰਸਿੱਖ ਨੂੰ ਸਤਿਗੁਰੂ ਸਿੱਖਿਆ ਦੇਂਦਾ ਹੈ ।
ਦਾਸ ਨਾਨਕ (ਭੀ) ਉਸ ਗੁਰਸਿੱਖ ਦੀ ਚਰਨ-ਧੂੜ ਮੰਗਦਾ ਹੈ ਜੋ ਆਪ ਨਾਮ ਜਪਦਾ ਹੈ ਤੇ ਹੋਰਨਾਂ ਨੂੰ ਜਪਾਉਂਦਾ ਹੈ ।੨ ।
Follow us on Twitter Facebook Tumblr Reddit Instagram Youtube