ਆਸਾ ਮਹਲਾ ੩ ॥
ਗੁਰੁ ਸਾਇਰੁ ਸਤਿਗੁਰੁ ਸਚੁ ਸੋਇ ॥
ਪੂਰੈ ਭਾਗਿ ਗੁਰ ਸੇਵਾ ਹੋਇ ॥
ਸੋ ਬੂਝੈ ਜਿਸੁ ਆਪਿ ਬੁਝਾਏ ॥
ਗੁਰ ਪਰਸਾਦੀ ਸੇਵ ਕਰਾਏ ॥੧॥

ਗਿਆਨ ਰਤਨਿ ਸਭ ਸੋਝੀ ਹੋਇ ॥
ਗੁਰ ਪਰਸਾਦਿ ਅਗਿਆਨੁ ਬਿਨਾਸੈ ਅਨਦਿਨੁ ਜਾਗੈ ਵੇਖੈ ਸਚੁ ਸੋਇ ॥੧॥ ਰਹਾਉ ॥

ਮੋਹੁ ਗੁਮਾਨੁ ਗੁਰ ਸਬਦਿ ਜਲਾਏ ॥
ਪੂਰੇ ਗੁਰ ਤੇ ਸੋਝੀ ਪਾਏ ॥
ਅੰਤਰਿ ਮਹਲੁ ਗੁਰ ਸਬਦਿ ਪਛਾਣੈ ॥
ਆਵਣ ਜਾਣੁ ਰਹੈ ਥਿਰੁ ਨਾਮਿ ਸਮਾਣੇ ॥੨॥

ਜੰਮਣੁ ਮਰਣਾ ਹੈ ਸੰਸਾਰੁ ॥
ਮਨਮੁਖੁ ਅਚੇਤੁ ਮਾਇਆ ਮੋਹੁ ਗੁਬਾਰੁ ॥
ਪਰ ਨਿੰਦਾ ਬਹੁ ਕੂੜੁ ਕਮਾਵੈ ॥
ਵਿਸਟਾ ਕਾ ਕੀੜਾ ਵਿਸਟਾ ਮਾਹਿ ਸਮਾਵੈ ॥੩॥

ਸਤਸੰਗਤਿ ਮਿਲਿ ਸਭ ਸੋਝੀ ਪਾਏ ॥
ਗੁਰ ਕਾ ਸਬਦੁ ਹਰਿ ਭਗਤਿ ਦ੍ਰਿੜਾਏ ॥
ਭਾਣਾ ਮੰਨੇ ਸਦਾ ਸੁਖੁ ਹੋਇ ॥
ਨਾਨਕ ਸਚਿ ਸਮਾਵੈ ਸੋਇ ॥੪॥੧੦॥੪੯॥

Sahib Singh
ਸਾਇਰੁ = ਸਾਗਰ, ਸਮੁੰਦਰ ।
ਸਚੁ = ਸਦਾ = ਥਿਰ ਰਹਿਣ ਵਾਲਾ ਪਰਮਾਤਮਾ ।
ਸੋਇ = ਉਹੀ ।
ਭਾਗਿ = ਕਿਸਮਤ ਨਾਲ ।
ਬੂਝੈ = ਸਮਝਦਾ ਹੈ ।
ਪਰਸਾਦੀ = ਪਰਸਾਦਿ, ਕਿਰਪਾ ਨਾਲ ।
ਸੇਵ = ਸੇਵਾ = ਭਗਤੀ ।੧ ।
ਰਤਨਿ = ਰਤਨ ਨਾਲ ।
ਗਿਆਨ ਰਤਨਿ = ਗਿਆਨ ਦੇ ਰਤਨ ਨਾਲ ।
ਬਿਨਾਸੈ = ਦੂਰ ਹੋ ਜਾਂਦਾ ਹੈ ।
ਅਨਦਿਨੁ = ਹਰ ਰੋਜ਼, ਹਰ ਵੇਲੇ ।੧।ਰਹਾਉ ।
ਸਬਦਿ = ਸ਼ਬਦ ਦੀ ਰਾਹੀਂ ।
ਤੇ = ਤੋਂ, ਪਾਸੋਂ ।
ਅੰਤਰਿ = ਅੰਦਰ ।
ਮਹਲੁ = ਟਿਕਾਣਾ ।
ਰਹੈ = ਮੁੱਕ ਜਾਂਦਾ ਹੈ ।
ਨਾਮਿ = ਨਾਮ ਵਿਚ ।੨ ।
ਮਨਮੁਖੁ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ।
ਅਚੇਤੁ = ਗ਼ਾਫ਼ਿਲ ।
ਗੁਬਾਰੁ = ਹਨੇਰਾ ।੩।ਮਿਲਿ—ਮਿਲ ਕੇ ।
ਦਿ੍ਰੜਾਏ = (ਹਿਰਦੇ ਵਿਚ) ਪੱਕੀ ਕਰ ਦੇਂਦਾ ਹੈ ।
ਸਚਿ = ਸਦਾ = ਥਿਰ ਰਹਿਣ ਵਾਲੇ ਪ੍ਰਭੂ ਵਿਚ ।੪ ।
    
Sahib Singh
(ਹੇ ਭਾਈ!) ਗੁਰੂ ਦੇ ਬਖ਼ਸ਼ੇ ਹੋਏ ਗਿਆਨ-ਰਤਨ ਦੀ ਬਰਕਤਿ ਨਾਲ (ਮਨੁੱਖ ਨੂੰ ਸਹੀ ਜੀਵਨ-ਜੁਗਤਿ ਬਾਰੇ) ਹਰੇਕ ਕਿਸਮ ਦੀ ਸਮਝ ਆ ਜਾਂਦੀ ਹੈ ।
ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਦਾ) ਅਗਿਆਨ ਦੂਰ ਹੋ ਜਾਂਦਾ ਹੈ ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, ਉਹ (ਹਰ ਥਾਂ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ (ਹੀ) ਵੇਖਦਾ ਹੈ ।੧।ਰਹਾਉ ।
(ਹੇ ਭਾਈ!) ਗੁਰੂ (ਗੁਣਾਂ ਦਾ) ਸਮੁੰਦਰ ਹੈ, ਗੁਰੂ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਰੂਪ ਹੈ, ਵੱਡੀ ਕਿਸਮਤਿ ਨਾਲ ਹੀ ਗੁਰੂ ਦੀ (ਦੱਸੀ) ਸੇਵਾ ਹੋ ਸਕਦੀ ਹੈ ।
(ਇਸ ਭੇਤ ਨੂੰ) ਉਹ ਮਨੁੱਖ ਸਮਝਦਾ ਹੈ ਜਿਸ ਨੂੰ (ਪਰਮਾਤਮਾ) ਆਪ ਸਮਝਾਂਦਾ ਹੈ, ਤੇ (ਉਸ ਪਾਸੋਂ) ਗੁਰੂ ਦੀ ਕਿਰਪਾ ਨਾਲ (ਆਪਣੀ) ਸੇਵਾ-ਭਗਤੀ ਕਰਾਂਦਾ ਹੈ ।੧ ।
(ਹੇ ਭਾਈ!) ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਮੋਹ ਅਤੇ ਅਹੰਕਾਰ ਸਾੜ ਦੇਂਦਾ ਹੈ, ਜੇਹੜਾ ਮਨੁੱਖ ਪੂਰੇ ਗੁਰੂ ਪਾਸੋਂ (ਸਹੀ ਜੀਵਨ-ਜੁਗਤਿ) ਸਮਝ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰ (ਵੱਸਦੇ ਪਰਮਾਤਮਾ ਦਾ) ਟਿਕਾਣਾ ਪਛਾਣ ਲੈਂਦਾ ਹੈ; ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ਉਹ ਪਰਮਾਤਮਾ ਦੇ ਨਾਮ ਵਿਚ ਟਿਕਿਆ ਰਹਿੰਦਾ ਹੈ ਤੇ ਅਡੋਲ-ਚਿੱਤ ਹੋ ਜਾਂਦਾ ਹੈ ।੨ ।
(ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਵਾਸਤੇ) ਜਗਤ ਜਨਮ ਮਰਨ (ਦਾ ਗੇੜ ਹੀ) ਹੈ ।
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪਰਮਾਤਮਾ ਦੀ ਯਾਦ ਵਲੋਂ) ਗ਼ਾਫ਼ਿਲ ਰਹਿੰਦਾ ਹੈ, ਮਾਇਆ ਦਾ ਮੋਹ-ਰੂਪ ਘੁੱਪ ਹਨੇਰਾ (ਉਸ ਨੂੰ ਕੁਝ ਸੁੱਝਣ ਨਹੀਂ ਦੇਂਦਾ), ਉਹ ਸਦਾ ਪਰਾਈ ਨਿੰਦਾ ਕਰਦਾ ਰਹਿੰਦਾ ਹੈ, ਉਹ ਨਿਰਾ ਝੂਠ-ਫ਼ਰੇਬ ਹੀ ਕਮਾਂਦਾ ਰਹਿੰਦਾ ਹੈ (ਪਰਾਈ ਨਿੰਦਾ ਕੂੜ-ਠੱਗੀ ਵਿਚ ਹੀ ਉਹ ਇਉਂ ਮਸਤ ਰਹਿੰਦਾ ਹੈ ਜਿਵੇਂ) ਗੰਦ ਦਾ ਕੀੜਾ ਗੰਦ ਵਿਚ ਹੀ ਟਿਕਿਆ ਰਹਿੰਦਾ ਹੈ (ਤੇ ਉਸ ਵਿਚੋਂ ਬਾਹਰ ਨਿਕਲਣਾ ਪਸੰਦ ਨਹੀਂ ਕਰਦਾ) ।੩ ।
ਹੇ ਨਾਨਕ! ਜੇਹੜਾ ਮਨੁੱਖ ਸਾਧ ਸੰਗਤ ਵਿਚ ਮਿਲ ਕੇ (ਸਹੀ ਜੀਵਨ ਦੀ) ਸਾਰੀ ਸੂਝ ਹਾਸਲ ਕਰਦਾ ਹੈ, ਜੇਹੜਾ ਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ ਵਸਾ ਕੇ) ਪਰਮਾਤਮਾ ਦੀ ਭਗਤੀ ਨੂੰ (ਆਪਣੇ ਅੰਦਰ) ਪੱਕੀ ਤ੍ਰਹਾਂ ਟਿਕਾਂਦਾ ਹੈ, ਜੇਹੜਾ ਪਰਮਾਤਮਾ ਦੀ ਰਜ਼ਾ ਨੂੰ (ਮਿੱਠਾ ਕਰ ਕੇ) ਮੰਨਦਾ ਹੈ, ਉਸ ਨੂੰ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ ।੪।੧੦।੪੯ ।
Follow us on Twitter Facebook Tumblr Reddit Instagram Youtube