ਆਸਾ ਮਹਲਾ ੪ ਛੰਤ ॥
ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥
ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥
ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥
ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥
ਜਿਸ ਨੋ ਨਦਰਿ ਕਰਹਿ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥
ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥
ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਸਭ ਮਹਿ ਰਹਿਆ ਸਮਾਇ ਜੀਉ ॥
ਘਟ ਅੰਤਰਿ ਪਾਰਬ੍ਰਹਮੁ ਪਰਮੇਸਰੁ ਤਾ ਕਾ ਅੰਤੁ ਨ ਪਾਇਆ ॥
ਤਿਸੁ ਰੂਪੁ ਨ ਰੇਖ ਅਦਿਸਟੁ ਅਗੋਚਰੁ ਗੁਰਮੁਖਿ ਅਲਖੁ ਲਖਾਇਆ ॥
ਸਦਾ ਅਨੰਦਿ ਰਹੈ ਦਿਨੁ ਰਾਤੀ ਸਹਜੇ ਨਾਮਿ ਸਮਾਇ ਜੀਉ ॥
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥੨॥

ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥
ਹਰਿ ਹਰਿ ਪ੍ਰਭੁ ਏਕੋ ਅਵਰੁ ਨ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ ॥
ਪੁਰਖੁ ਸੁਜਾਨੁ ਤੂੰ ਪਰਧਾਨੁ ਤੁਧੁ ਜੇਵਡੁ ਅਵਰੁ ਨ ਕੋਈ ॥
ਤੇਰਾ ਸਬਦੁ ਸਭੁ ਤੂੰਹੈ ਵਰਤਹਿ ਤੂੰ ਆਪੇ ਕਰਹਿ ਸੁ ਹੋਈ ॥
ਹਰਿ ਸਭ ਮਹਿ ਰਵਿਆ ਏਕੋ ਸੋਈ ਗੁਰਮੁਖਿ ਲਖਿਆ ਹਰਿ ਨਾਮੁ ਜੀਉ ॥
ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥੩॥

ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥
ਤੁਧੁ ਆਪੇ ਭਾਵੈ ਤਿਵੈ ਚਲਾਵਹਿ ਸਭ ਤੇਰੈ ਸਬਦਿ ਸਮਾਇ ਜੀਉ ॥
ਸਭ ਸਬਦਿ ਸਮਾਵੈ ਜਾਂ ਤੁਧੁ ਭਾਵੈ ਤੇਰੈ ਸਬਦਿ ਵਡਿਆਈ ॥
ਗੁਰਮੁਖਿ ਬੁਧਿ ਪਾਈਐ ਆਪੁ ਗਵਾਈਐ ਸਬਦੇ ਰਹਿਆ ਸਮਾਈ ॥
ਤੇਰਾ ਸਬਦੁ ਅਗੋਚਰੁ ਗੁਰਮੁਖਿ ਪਾਈਐ ਨਾਨਕ ਨਾਮਿ ਸਮਾਇ ਜੀਉ ॥
ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥੪॥੭॥੧੪॥

Sahib Singh
ਅਗਮ = ਅਪਹੁੰਚ ।
ਅਗੋਚਰੁ = {ਗੋ—ਗਿਆਨ = ਇੰਦ੍ਰੇ} ਗਿਆਨ-ਇੰਦਿ੍ਰਆਂ ਦੀ ਪਹੁੰਚ ਤੋਂ ਪਰੇ ।
ਆਦਿ = ਸਭ ਦੇ ਮੁੱਢ ।
ਨਿਰੰਜਨੁ = {ਨਿਰ = ਅੰਜਨੁ} ਜਿਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ ।
ਨਿਰੰਕਾਰੁ = {ਨਿਰ = ੁਆਕਾਰ} ਜਿਸ ਦਾ ਕੋਈ ਖ਼ਾਸ ਸਰੂਪ ਦੱਸਿਆ ਨਹੀਂ ਜਾ ਸਕਦਾ ।
ਗਤਿ = ਹਾਲਤ ।
ਅਮਿਤਿ = ਅਮਿਣਵੀ ।
ਅਲਖ = ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ ।
ਅਪਰੰਪਰੁ = ਪਰੇ ਤੋਂ ਪਰੇ ਬੇਅੰਤ ।
ਕਹੀਅਹਿ = ਕਹੇ ਜਾਣ ।
ਜਿਸ ਨੋ = {ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਨੋ’ ਦੇ ਕਾਰਨ ਉੱਡ ਗਿਆ ਹੈ ।
    ਵੇਖੋ ‘ਗੁਰਬਾਣੀ ਵਿਆਕਰਣ’} ।੧ ।
ਪੁਰਖੁ = ਸਰਬ = ਵਿਆਪਕ ।
ਕਰਤਾ = ਸਿਰਜਣਹਾਰ ।
ਪਾਰੁ = ਪਾਰਲਾ ਬੰਨਾ ।
ਘਟ = ਸਰੀਰ ।
ਨਿਰੰਤਰਿ = ਬਿਨਾ ਵਿੱਥ ਦੇ {ਅੰਤਰੁ—ਵਿੱਥ} ।
ਅੰਤਰਿ = ਅੰਦਰ, ਵਿਚ ।
ਰੇਖ = ਚਿਹਨ ਚੱਕਰ {ਰੇਖਾ—ਲਕੀਰ} ।
ਅਦਿਸਟੁ = ਨਾਹ ਦਿੱਸਣ ਵਾਲਾ ।
ਗੁਰਮੁਖਿ = ਗੁਰੂ ਦੀ ਰਾਹੀਂ ।
ਅਨੰਦਿ = ਆਨੰਦ ਵਿਚ ।
ਸਹਜੇ = ਆਤਮਕ ਅਡੋਲਤਾ ਵਿਚ, ਸਹਜਿ ਹੀ ।੨ ।
ਸਤਿ = ਸਦਾ ਕਾਇਮ ਰਹਿਣ ਵਾਲਾ ।
ਪਰਮੇਸਰੁ = ਪਰਮ ਈਸ਼੍ਵਰ, ਸਭ ਤੋਂ ਵੱਡਾ ਹਾਕਮ ।
ਅਬਿਨਾਸੀ = ਕਦੇ ਨਾਸ ਨਾਹ ਹੋਣ ਵਾਲਾ ।
ਗੁਣ ਨਿਧਾਨੁ = (ਸਾਰੇ) ਗੁਣਾਂ ਦਾ ਖ਼ਜ਼ਾਨਾ ।
ਪੁਰਖੁ = ਸਰਬ = ਵਿਆਪਕ ।
ਸੁਜਾਨੁ = ਸਿਆਣਾ ।
ਪਰਧਾਨੁ = ਮੰਨਿਆ = ਪ੍ਰਮੰਨਿਆ ।ਸਬਦੁ—ਹੁਕਮੁ ।
ਸਭੁ = ਹਰ ਥਾਂ ।
ਤੂੰ ਹੈ = ਤੂੰ ਹੀ ।
ਵਰਤਹਿ = ਮੌਜੂਦ ਹੈਂ ।
ਰਵਿਆ = ਵਿਆਪਕ ਹੈ ।
ਗੁਰਮੁਖਿ = ਗੁਰੂ ਦੀ ਸਰਨ ਪਿਆਂ ।
ਲਖਿਆ = ਸਮਝਿਆ ਜਾਂਦਾ ਹੈ ।੩ ।
ਸਭੁ = ਹਰ ਥਾਂ ।
ਕਰਤਾ = ਹੇ ਕਰਤਾਰ !
ਵਡਿਆਈ = ਬਜ਼ੁਰਗੀ, ਵਡੱਪਣ, ਤੇਜ-ਪ੍ਰਤਾਪ ।
ਭਾਵੈ = ਚੰਗਾ ਲੱਗੇ ।
ਚਲਾਇ = ਤੋਰ ।
ਸਭ = ਸਾਰੀ ਲੁਕਾਈ ।
ਸਬਦਿ = ਹੁਕਮ ਵਿਚ ।
ਸਮਾਇ = ਲੀਨ ਰਹਿੰਦੀ ਹੈ, ਅਨੁਸਾਰ ਹੋ ਕੇ ਤੁਰਦੀ ਹੈ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।
ਆਪੁ = ਆਪਾ = ਭਾਵ ।
ਸਬਦੇ = ਗੁਰੂ ਦੇ ਸ਼ਬਦ ਦੀ ਰਾਹੀਂ ।
ਅਗੋਚਰੁ = ਜਿਸ ਤਕ ਗਿਆਨ = ਇੰਦਿ੍ਰਆਂ ਦੀ ਪਹੁੰਚ ਨ ਹੋ ਸਕੇ ।
ਨਾਮਿ = ਨਾਮ ਵਿਚ ।੪ ।
    
Sahib Singh
(ਹੇ ਭਾਈ!) ਮੇਰਾ ਗੋਵਿੰਦ (ਸਭ ਤੋਂ) ਵੱਡਾ ਹੈ (ਕਿਸੇ ਸਿਆਣਪ ਨਾਲ ਉਸ ਤਕ ਮਨੁੱਖ ਦੀ) ਪਹੁੰਚ ਨਹੀਂ ਹੋ ਸਕਦੀ, ਉਹ ਗਿਆਨ-ਇੰਦਿ੍ਰਆਂ ਦੀ ਪਹੁੰਚ ਤੋਂ ਪਰੇ ਹੈ, (ਸਾਰੇ ਜਗਤ ਦਾ) ਮੂਲ ਹੈ, ਉਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ, ਉਸ ਦੀ ਕੋਈ ਖ਼ਾਸ ਸ਼ਕਲ ਨਹੀਂ ਦੱਸੀ ਜਾ ਸਕਦੀ ।
(ਹੇ ਭਾਈ!) ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ, ਉਸ ਦਾ ਵਡੱਪਣ ਭੀ ਮਿਣਿਆ ਨਹੀਂ ਜਾ ਸਕਦਾ (ਹੇ ਭਾਈ!) ਮੇਰਾ ਉਹ ਗੋਵਿੰਦ ਬਿਆਨ ਤੋਂ ਬਾਹਰ ਹੈ ਬੇਅੰਤ ਹੈ ।
ਪਰੇ ਤੋਂ ਪਰੇ ਹੈ, ਆਪਣੇ ਆਪ ਨੂੰ ਉਹ ਹੀ ਜਾਣਦਾ ਹੈ ।
ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਸਰੂਪ ਦੱਸ ਸੱਕਣ) ?
(ਹੇ ਪ੍ਰਭੂ! ਕੋਈ ਭੀ ਐਸਾ ਜੀਵ ਨਹੀਂ ਹੈ) ਜੋ ਤੇਰੀ ਹਸਤੀ ਨੂੰ ਬਿਆਨ ਕਰ ਕੇ ਸਮਝਾ ਸਕੇ ।
ਹੇ ਪ੍ਰਭੂ! ਜਿਸ ਮਨੁੱਖ ਉਤੇ ਤੂੰ ਆਪਣੀ ਮੇਹਰ ਦੀ ਨਿਗਾਹ ਕਰਦਾ ਹੈਂ, ਉਹ ਗੁਰੂ ਦੀ ਸਰਨ ਪੈ ਕੇ (ਤੇਰੇ ਗੁਣਾਂ ਦੀ) ਵਿਚਾਰ ਕਰਦਾ ਹੈ ।
(ਹੇ ਭਾਈ!) ਮੇਰਾ ਗੋਵਿੰਦ (ਸਭ ਤੋਂ) ਵੱਡਾ ਹੈ, (ਕਿਸੇ ਸਿਆਣਪ ਨਾਲ ਉਸ ਤਕ ਮਨੁੱਖ ਦੀ) ਪਹੁੰਚ ਨਹੀਂ ਹੋਸਕਦੀ, ਉਹ ਗਿਆਨ-ਇੰਦਿ੍ਰਆਂ ਦੀ ਪਹੁੰਚ ਤੋਂ ਪਰੇ ਹੈ, (ਸਾਰੇ ਜਗਤ ਦਾ) ਮੂਲ ਹੈ ਉਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ ਉਸ ਦੀ ਕੋਈ ਖ਼ਾਸ ਸ਼ਕਲ ਨਹੀਂ ਦੱਸੀ ਜਾ ਸਕਦੀ ।੧ ।
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਮੂਲ ਹੈਂ ਤੇ ਸਰਬ-ਵਿਆਪਕ ਹੈਂ, ਤੂੰ ਪਰੇ ਤੋਂ ਪਰੇ ਹੈਂ ਤੇ ਸਾਰੀ ਰਚਨਾ ਦਾ ਰਚਨਹਾਰ ਹੈਂ ।
ਤੇਰੀ ਹਸਤੀ ਦਾ ਪਾਰਲਾ ਬੰਨਾ (ਕਿਸੇ ਨੂੰ) ਲੱਭ ਨਹੀਂ ਸਕਦਾ ।
ਤੂੰ ਹਰੇਕ ਸਰੀਰ ਵਿਚ ਮੌਜੂਦ ਹੈਂ, ਤੂੰ ਇਕ-ਰਸ ਸਭਨਾਂ ਵਿਚ ਸਮਾ ਰਿਹਾ ਹੈਂ ।
ਹੇ ਭਾਈ! ਪਾਰਬ੍ਰਹਮ ਪਰਮੇਸਰ ਹਰੇਕ ਸਰੀਰ ਦੇ ਅੰਦਰ ਮੌਜੂਦ ਹੈ ਉਸ ਦੇ ਗੁਣਾਂ ਦਾ ਅੰਤ (ਕੋਈ ਜੀਵ) ਨਹੀਂ ਪਾ ਸਕਦਾ ।
ਉਸ ਪ੍ਰਭੂ ਦਾ ਕੋਈ ਖ਼ਾਸ ਰੂਪ ਕੋਈ ਖ਼ਾਸ ਚਿਹਨ ਚੱਕਰ ਦੱਸਿਆ ਨਹੀਂ ਜਾ ਸਕਦਾ ।
ਉਹ ਪ੍ਰਭੂ (ਇਹਨਾਂ ਅੱਖਾਂ ਨਾਲ) ਦਿੱਸਦਾ ਨਹੀਂ ਉਹ ਗਿਆਨ-ਇੰਦਿ੍ਰਆਂ ਦੀ ਪਹੁੰਚ ਤੋਂ ਪਰੇ ਹੈ, ਗੁਰੂ ਦੀ ਰਾਹੀਂ ਹੀ ਇਹ ਸਮਝ ਪੈਂਦੀ ਹੈ ਕਿ ਉਸ ਪਰਮਾਤਮਾ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ।
(ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ) ਦਿਨ ਰਾਤ ਹਰ ਵੇਲੇ ਆਤਮਕ ਆਨੰਦ ਵਿਚ ਮਗਨ ਰਹਿੰਦਾ ਹੈ, ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ।
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਮੂਲ ਹੈਂ ਤੇ ਸਰਬ-ਵਿਆਪਕ ਹੈਂ, ਤੂੰ ਪਰੇ ਤੋਂ ਪਰੇ ਹੈਂ ਤੇ ਸਾਰੀ ਰਚਨਾ ਦਾ ਰਚਨਹਾਰ ਹੈਂ ।
ਤੇਰੀ ਹਸਤੀ ਦਾ ਪਾਰਲਾ ਬੰਨਾ (ਕਿਸੇ ਨੂੰ) ਲੱਭ ਨਹੀਂ ਸਕਦਾ ।੨ ।
ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ ਤੂੰ ਸਭ ਤੋਂ ਵੱਡਾ ਹੈਂ, ਤੂੰ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ ।
ਹੇ ਹਰੀ! ਤੂੰ ਹੀ ਇਕੋ ਇਕ ਮਾਲਕ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ ਤੂੰ ਆਪ ਹੀ ਸਭ ਦੇ ਅੰਦਰ ਮੌਜੂਦ ਹੈਂ, ਤੂੰ ਆਪ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ ।
ਹੇ ਹਰੀ! ਤੂੰ ਸਭ ਵਿਚ ਵਿਆਪਕ ਹੈਂ, ਤੂੰ ਘਟ ਘਟ ਦੀ ਜਾਣਨ ਵਾਲਾ ਹੈਂ, ਤੂੰ ਸਭ ਤੋਂ ਸ਼ਿਰੋਮਣੀ ਹੈਂ, ਤੇਰੇ ਜੇਡਾ ਹੋਰ ਕੋਈ ਨਹੀਂ ਹੈ ।
ਹਰ ਥਾਂ ਤੇਰਾ ਹੀ ਹੁਕਮ ਚੱਲ ਰਿਹਾ ਹੈ, ਹਰ ਥਾਂ ਤੂੰ ਹੀ ਤੂੰ ਮੌਜੂਦ ਹੈਂ, ਜਗਤ ਵਿਚ ਉਹੀ ਹੁੰਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ ।
ਹੇ ਭਾਈ! ਸਾਰੀ ਸਿ੍ਰਸ਼ਟੀ ਵਿਚ ਇਕ ਉਹ ਪਰਮਾਤਮਾ ਹੀ ਰਮ ਰਿਹਾ ਹੈ, ਗੁਰੂ ਦੀ ਸਰਨ ਪਿਆਂ ਉਸ ਪਰਮਾਤਮਾ ਦੇ ਨਾਮ ਦੀ ਸੂਝ ਪੈਂਦੀ ਹੈ ।
ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਸਭ ਤੋਂ ਵੱਡਾ ਹਾਕਮ ਹੈਂ, ਤੂੰ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ ।੩ ।
ਹੇ ਕਰਤਾਰ! ਹਰ ਥਾਂ ਤੂੰ ਹੀ ਤੂੰ ਹੈਂ, ਸਾਰੀ ਸਿ੍ਰਸ਼ਟੀ ਤੇਰੇ ਹੀ ਤੇਜ-ਪ੍ਰਤਾਪ ਦਾ ਪ੍ਰਕਾਸ਼ ਹੈ ।
ਹੇ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗੇ, ਤਿਵੇਂ, (ਆਪਣੀ ਇਸ ਰਚਨਾ ਨੂੰ ਆਪਣੇ ਹੁਕਮ ਵਿਚ) ਤੋਰ ।
ਹੇ ਕਰਤਾਰ! ਜਿਵੇਂ ਤੈਨੂੰ ਆਪ ਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸਿ੍ਰਸ਼ਟੀ ਨੂੰ ਕਾਰੇ ਲਾ ਰਿਹਾ ਹੈਂ, ਸਾਰੀ ਲੁਕਾਈ ਤੇਰੇ ਹੀ ਹੁਕਮ ਦੇ ਅਨੁਸਾਰ ਹੋ ਕੇ ਤੁਰਦੀ ਹੈ ।
ਸਾਰੀ ਲੁਕਾਈ ਤੇਰੇ ਹੁਕਮ ਵਿਚ ਹੀ ਟਿਕੀ ਰਹਿੰਦੀ ਹੈ, ਜਦੋਂ ਤੈਨੂੰ ਚੰਗਾ ਲੱਗਦਾ ਹੈ, ਤਾਂ ਤੇਰੇ ਹੁਕਮ ਅਨੁਸਾਰ ਹੀ (ਜੀਵਾਂ ਨੂੰ) ਆਦਰ-ਮਾਣ ਮਿਲਦਾ ਹੈ ।
ਹੇ ਭਾਈ! ਜੇ ਗੁਰੂ ਦੀ ਸਰਨ ਪੈ ਕੇ ਚੰਗੀ ਅਕਲ ਹਾਸਲ ਕਰ ਲਈਏ, ਜੇ (ਆਪਣੇ ਅੰਦਰੋਂ) ਹਉਮੈ-ਅਹੰਕਾਰ ਦੂਰ ਕਰ ਲਈਏ, ਤਾਂ ਗੁਰ-ਸ਼ਬਦ ਦੀ ਬਰਕਤਿ ਨਾਲ ਉਹ ਕਰਤਾਰ ਹਰ ਥਾਂ ਵਿਆਪਕ ਦਿੱਸਦਾ ਹੈ ।
ਹੇ ਨਾਨਕ! (ਆਖ—ਹੇ ਕਰਤਾਰ!) ਤੇਰਾ ਹੁਕਮ ਜੀਵਾਂ ਦੇ ਗਿਆਨ-ਇੰਦਿ੍ਰਆਂ ਦੀ ਪਹੁੰਚ ਤੋਂ ਪਰੇ ਹੈ (ਤੇਰੇ ਹੁਕਮ ਦੀ ਸਮਝ) ਗੁਰੂ ਦੀ ਸਰਨ ਪਿਆਂ ਪ੍ਰਾਪਤ ਹੁੰਦੀਾ ਹੈ, (ਜਿਸ ਮਨੁੱਖ ਨੂੰ ਪ੍ਰਾਪਤ ਹੁੰਦੀ ਹੈ ਉਹ ਤੇਰੇ) ਨਾਮਵਿਚ ਲੀਨ ਹੋ ਜਾਂਦਾ ਹੈ ।
ਹੇ ਕਰਤਾਰ! ਹਰ ਥਾਂ ਤੂੰ ਹੀ ਤੂੰ ਹੈਂ, ਸਾਰੀ ਸਿ੍ਰਸ਼ਟੀ ਤੇਰੇ ਹੀ ਤੇਜ-ਪ੍ਰਤਾਪ ਦਾ ਪ੍ਰਕਾਸ਼ ਹੈ ।
ਹੇ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ (ਆਪਣੀ ਇਸ ਸਿ੍ਰਸ਼ਟੀ ਨੂੰ ਆਪਣੇ ਹੁਕਮ ਵਿਚ) ਤੋਰ ।੪।੭।੧੪ ।
Follow us on Twitter Facebook Tumblr Reddit Instagram Youtube