ਮੰਨੈ ਸੁਰਤਿ ਹੋਵੈ ਮਨਿ ਬੁਧਿ ॥
ਮੰਨੈ ਸਗਲ ਭਵਣ ਕੀ ਸੁਧਿ ॥
ਮੰਨੈ ਮੁਹਿ ਚੋਟਾ ਨਾ ਖਾਇ ॥
ਮੰਨੈ ਜਮ ਕੈ ਸਾਥਿ ਨ ਜਾਇ ॥
ਐਸਾ ਨਾਮੁ ਨਿਰੰਜਨੁ ਹੋਇ ॥
ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥

Sahib Singh
ਮੰਨੈ = ਮੰਨਣ ਕਰਕੇ, ਜੇ ਮੰਨ ਲਈਏ, ਜੇ ਮਨ ਪਤੀਜ ਜਾਏ, ਜੇ ਪ੍ਰਭੂ ਦੇ ਨਾਮ ਵਿਚ ਲਗਨ ਲੱਗ ਜਾਏ ।
ਸੁਰਤਿ ਹੋਵੈ = (ਉੱਚੀ) ਸੁਰਤ ਹੋ ਜਾਂਦੀ ਹੈ ।
ਮਨਿ = ਮਨ ਵਿਚ ।
ਬੁਧਿ = ਜਾਗ੍ਰਤ ।
ਸੁਧਿ = ਖ਼ਬਰ, ਸੋਝੀ ।
ਮੁਹਿ = ਮੂੰਹ ਉੱਤੇ ।
ਚੋਟਾ = ਸੱਟਾਂ ।
ਜਮ ਕੈ ਸਾਥਿ = ਜਮਾਂ ਦੇ ਨਾਲ ।੧੩ ।
    
Sahib Singh
ਜੇ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ ਉਸ ਦੀ ਸੁਰਤਿ ਉੱਚੀ ਹੋ ਜਾਂਦੀ ਹੈ, ਉਸ ਦੇ ਮਨ ਵਿਚ ਜਾਗ੍ਰਤ ਆ ਜਾਂਦੀ ਹੈ, (ਭਾਵ, ਮਾਇਆ ਵਿਚ ਸੁੱਤਾ ਮਨ ਜਾਗ ਪੈਂਦਾ ਹੈ) ਸਾਰੇ ਭਵਨਾਂ ਦੀ ਉਸ ਨੂੰ ਸੋਝੀ ਹੋ ਜਾਂਦੀ ਹੈ (ਕਿ ਹਰ ਥਾਂ ਪ੍ਰਭੂ ਵਿਆਪਕ ਹੈ) ਉਹ ਮਨੁੱਖ (ਸੰਸਾਰ ਦੇ ਵਿਕਾਰਾਂ ਦੀਆਂ) ਸੱਟਾਂ ਮੂੰਹ ਉੱਤੇ ਨਹੀਂ ਖਾਦਾ (ਭਾਵ, ਸੰਸਾਰਕ ਵਿਕਾਰ ਉਸ ਉੱਤੇ ਦਬਾ ਨਹੀਂ ਪਾ ਸਕਦੇ), ਅਤੇ ਜਮਾਂ ਨਾਲ ਉਸ ਨੂੰ ਵਾਹ ਨਹੀਂ ਪੈਂਦਾ (ਭਾਵ, ਉਹ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ) ।
ਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਇੱਡਾ (ਉੱਚਾ) ਹੈ (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ), ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰ ਲਏ ।੧੩ ।

ਭਾਵ:- ਪ੍ਰਭੂ-ਚਰਨਾਂ ਦੀ ਪ੍ਰੀਤ ਮਨੁੱਖ ਦੇ ਮਨ ਵਿਚ ਚਾਨਣ ਕਰ ਦੇਂਦੀ ਹੈ, ਸਾਰੇ ਸੰਸਾਰ ਵਿਚ ਉਸ ਨੂੰ ਪਰਮਾਤਮਾ ਹੀ ਦਿੱਸਦਾ ਹੈ ।
ਉਸ ਨੂੰ ਵਿਕਾਰਾਂ ਦੀਆਂ ਚੋਟਾਂ ਨਹੀਂ ਵੱਜਦੀਆਂ ਤੇ ਨਾ ਹੀ ਉਸ ਨੂੰ ਮੌਤ ਡਰਾ ਸਕਦੀ ਹੈ ।੧੩ ।
Follow us on Twitter Facebook Tumblr Reddit Instagram Youtube