ਸੋਰਠਿ ਮਹਲਾ ੯ ॥
ਮਨ ਰੇ ਗਹਿਓ ਨ ਗੁਰ ਉਪਦੇਸੁ ॥
ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ ॥੧॥ ਰਹਾਉ ॥

ਸਾਚ ਛਾਡਿ ਕੈ ਝੂਠਹ ਲਾਗਿਓ ਜਨਮੁ ਅਕਾਰਥੁ ਖੋਇਓ ॥
ਕਰਿ ਪਰਪੰਚ ਉਦਰ ਨਿਜ ਪੋਖਿਓ ਪਸੁ ਕੀ ਨਿਆਈ ਸੋਇਓ ॥੧॥

ਰਾਮ ਭਜਨ ਕੀ ਗਤਿ ਨਹੀ ਜਾਨੀ ਮਾਇਆ ਹਾਥਿ ਬਿਕਾਨਾ ॥
ਉਰਝਿ ਰਹਿਓ ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥੨॥

ਰਹਿਓ ਅਚੇਤੁ ਨ ਚੇਤਿਓ ਗੋਬਿੰਦ ਬਿਰਥਾ ਅਉਧ ਸਿਰਾਨੀ ॥
ਕਹੁ ਨਾਨਕ ਹਰਿ ਬਿਰਦੁ ਪਛਾਨਉ ਭੂਲੇ ਸਦਾ ਪਰਾਨੀ ॥੩॥੧੦॥

Sahib Singh
ਗਹਿਓ = ਫੜਿਆ, ਗ੍ਰਹਿਣ ਕੀਤਾ ।
ਕਹਾ ਭਇਓ = ਕੀਹ ਹੋਇਆ ?
ਮੂਡੁ = ਸਿਰ ।
ਭੇਸੁ = ਭੇਖ ।੧।ਰਹਾਉ ।
ਸਾਚ = ਸਦਾ = ਥਿਰ ਹਰਿ-ਨਾਮ ।
ਝੂਠਹ = ਨਾਸਵੰਤ (ਪਦਾਰਥਾਂ) ਵਿਚ ।
ਅਕਾਰਥੁ = ਵਿਅਰਥ ।
ਪਰਪੰਚ = ਪਖੰਡ, ਛਲ ।
ਉਦਰ ਨਿਜ = ਆਪਣਾ ਪੇਟ ।
ਪੋਖਿਓ = ਪਾਲਿਆ ।
ਪਸੁ ਕੀ ਨਿਆਈ = ਪਸ਼ੂਆਂ ਵਾਂਗ ।੧ ।
ਗਤਿ = ਜੁਗਤਿ ।
ਹਾਥਿ = ਹੱਥ ਵਿਚ ।
ਉਰਝਿ ਰਹਿਓ = ਮਗਨ ਰਿਹਾ ।
ਬਿਖਿਅਨ ਸੰਗਿ = ਮਾਇਕ ਪਦਾਰਥਾਂ ਨਾਲ ।੨ ।
ਅਚੇਤੁ = ਗ਼ਾਫ਼ਿਲ, ਅਵੇਸਲਾ ।
ਅਉਧ = ਉਮਰ ।
ਸਿਰਾਨੀ = ਗੁਜ਼ਾਰ ਦਿੱਤੀ ।
ਹਰਿ = ਹੇ ਹਰੀ !
ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ।
ਪਰਾਨੀ = ਜੀਵ ।੩ ।
    
Sahib Singh
ਹੇ ਮਨ! ਤੂੰ ਗੁਰੂ ਦੀ ਸਿੱਖਿਆ ਗ੍ਰਹਿਣ ਨਹੀਂ ਕਰਦਾ ।
(ਹੇ ਭਾਈ! ਗੁਰੂ ਦਾ ਉਪਦੇਸ਼ ਭੁਲਾ ਕੇ) ਜੇ ਸਿਰ ਭੀ ਮੁਨਾ ਲਿਆ, ਤੇ, ਭਗਵੇ ਰੰਗ ਦੇ ਕੱਪੜੇ ਪਾ ਲਏ, ਤਾਂ ਭੀ ਕੀਹ ਬਣਿਆ ?
(ਆਤਮਕ ਜੀਵਨ ਦਾ ਕੁਝ ਭੀ ਨਾਹ ਸੌਰਿਆ) ।੧।ਰਹਾਉ ।
(ਹੇ ਭਾਈ! ਭਗਵਾ ਭੇਖ ਤਾਂ ਧਾਰ ਲਿਆ, ਪਰ) ਸਦਾ-ਥਿਰ ਪ੍ਰਭੂ ਦਾ ਨਾਮ ਛੱਡ ਕੇ ਨਾਸਵੰਤ ਪਦਾਰਥਾਂ ਵਿਚ ਹੀ ਸੁਰਤਿ ਜੋੜੀ ਰੱਖੀ, (ਲੋਕਾਂ ਨਾਲ) ਛਲ ਕਰ ਕੇ ਆਪਣਾ ਪੇਟ ਪਾਲਦਾ ਰਿਹਾ, ਤੇ, ਪਸ਼ੂਆਂ ਵਾਂਗ ਸੁੱਤਾ ਰਿਹਾ ।੧ ।
ਹੇ ਭਾਈ! (ਗ਼ਾਫ਼ਿਲ ਮਨੁੱਖ) ਪਰਮਾਤਮਾ ਦੇ ਭਜਨ ਦੀ ਜੁਗਤਿ ਨਹੀਂ ਸਮਝਦਾ, ਮਾਇਆ ਦੇ ਹੱਥ ਵਿਚ ਵਿਕਿਆ ਰਹਿੰਦਾ ਹੈ ।
ਕਮਲਾ ਮਨੁੱਖ ਮਾਇਕ ਪਦਾਰਥਾਂ (ਦੇ ਮੋਹ) ਵਿਚ ਮਗਨ ਰਹਿੰਦਾ ਹੈ, ਤੇ, ਪ੍ਰਭੂ ਦੇ (ਸ੍ਰੇਸ਼ਟ) ਰਤਨ-ਨਾਮ ਨੂੰ ਭੁਲਾਈ ਰੱਖਦਾ ਹੈ ।੨ ।
(ਮਨੁੱਖ ਮਾਇਆ ਵਿਚ ਫਸ ਕੇ) ਅਵੇਸਲਾ ਹੋਇਆ ਰਹਿੰਦਾ ਹੈ, ਪਰਮਾਤਮਾ ਨੂੰ ਯਾਦ ਨਹੀਂ ਕਰਦਾ, ਸਾਰੀ ਉਮਰ ਵਿਅਰਥ ਗੁਜ਼ਾਰ ਲੈਂਦਾ ਹੈ ।
ਹੇ ਨਾਨਕ! ਆਖ—ਹੇ ਹਰੀ! ਤੂੰ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖ ।
ਇਹ ਜੀਵ ਤਾਂ ਸਦਾ ਭੁੱਲੇ ਹੀ ਰਹਿੰਦੇ ਹਨ ।੩।੧੦ ।
Follow us on Twitter Facebook Tumblr Reddit Instagram Youtube