ਧਨਾਸਰੀ ਮਹਲਾ ੪ ॥
ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥
ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥

ਗੁਰਸਿਖ ਮੀਤ ਚਲਹੁ ਗੁਰ ਚਾਲੀ ॥
ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥

ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥
ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹੀ ॥੨॥

ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥
ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥

ਹਰਿ ਹਰਿ ਜਪਨੁ ਜਪਿ ਲੋਚ ਲੋੁਚਾਨੀ ਹਰਿ ਕਿਰਪਾ ਕਰਿ ਬਨਵਾਲੀ ॥
ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥

Sahib Singh
ਅੰਧੁਲੇ ਅੰਧ = ਬਹੁਤ ਹੀ ਅੰਨ੍ਹੇ ।
ਬਿਖੈ ਬਿਖੁ = ਮਾਇਕ ਪਦਾਰਥਾਂ ਦਾ ਜ਼ਹਰ ।
ਰਾਤੇ = ਮਗਨ ।
ਕਿਉ ਚਾਲਹ = ਅਸੀ ਕਿਵੇਂ ਚੱਲ ਸਕਦੇ ਹਾਂ ?
ਲਾਵੈ = ਲਾ ਲਏ ।
ਪਾਲੀ = ਪੱਲੇ, ਲੜ ।੧ ।
ਮੀਤ = ਹੇ ਮਿੱਤਰੋ !
ਭਲ = ਭਲਾ ।
ਨਿਰਾਲੀ = ਅਨੋਖੀ, ਅਚਰਜ ।੧।ਰਹਾਉ ।
ਗੁਰੁ ਸੇਵਿਹੁ = ਗੁਰੂ ਦੀ ਸਰਨ ਪੈ ਜਾਓ ।
ਬੇਗਿ = ਛੇਤੀ ।
ਬੇਗਿ ਬੇਗਾਲੀ = ਬਹੁਤ ਛੇਤੀ ।
ਖਰਚੁ ਹਰਿ = ਪ੍ਰਭੂ ਦਾ ਨਾਮ (ਜੀਵਨ-ਸਫ਼ਰ ਵਾਸਤੇ) ਖ਼ਰਚ ।
ਬਾਧਹੁ = (ਪੱਲੇ) ਬੰਨ੍ਹ ਲਵੋ ।
ਕਾਲ@ੀ = ਕੱਲ੍ਹ, ਭਲਕੇ ।੨ ।
ਜਪਣਾ = ਜਾਪ ।
ਚਲੈ ਹਰਿ ਨਾਲੀ = ਹਰੀ ਦੀ ਰਜ਼ਾ ਵਿਚ ਤੁਰਦਾ ਹੈ ।
ਕੇਲ = ਚੋਜ, ਤਮਾਸ਼ੇ ।
ਕੇਲਾਲੀ = ਚੋਜੀ ।੩ ।
ਲੁੋਚਾਨੀ = {ਅਸਲ ਲਫ਼ਜ਼ ‘ਲੋਚਾਨੀ’ ਹੈ, ਇਥੇ ‘ਲੁਚਾਨੀ’ ਪੜ੍ਹਨਾ ਹੈ} ।
ਹਰਿ = ਹੇ ਹਰੀ !
ਬਨਵਾਲੀ = ਹੇ ਬਨਵਾਲੀ, ਹੇ ਪਰਮਾਤਮਾ !
ਪਗ = ਪੈਰ ।
ਰਾਲੀ = ਖ਼ਾਕ, ਧੂੜ ।੪ ।
    
Sahib Singh
ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ ।
(ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ ।
ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ ।
ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ ?
ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ ।੧ ।
ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ ।
ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ ।
ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ ।
ਟਾਲ ਮਟੋਲੇ ਨਾਹ ਕਰਨੇ) ।੨ ।
ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ ।
(ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ ।
ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ ।
ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ ।੩ ।
ਹੇ ਦਾਸ ਨਾਨਕ! (ਆਖ—) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ ।
ਮੇਹਰਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ ।੪।੪ ।
Follow us on Twitter Facebook Tumblr Reddit Instagram Youtube