ਧਨਾਸਰੀ ਮਹਲਾ ੫ ॥
ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥
ਖਾਟਣ ਕਉ ਹਰਿ ਹਰਿ ਰੋਜਗਾਰੁ ॥
ਸੰਚਣ ਕਉ ਹਰਿ ਏਕੋ ਨਾਮੁ ॥
ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥

ਨਾਮਿ ਰਤੇ ਪ੍ਰਭ ਰੰਗਿ ਅਪਾਰ ॥
ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥

ਸਾਧ ਕੀ ਸੋਭਾ ਅਤਿ ਮਸਕੀਨੀ ॥
ਸੰਤ ਵਡਾਈ ਹਰਿ ਜਸੁ ਚੀਨੀ ॥
ਅਨਦੁ ਸੰਤਨ ਕੈ ਭਗਤਿ ਗੋਵਿੰਦ ॥
ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥

ਜਹ ਸਾਧ ਸੰਤਨ ਹੋਵਹਿ ਇਕਤ੍ਰ ॥
ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥
ਸਾਧ ਸਭਾ ਮਹਿ ਅਨਦ ਬਿਸ੍ਰਾਮ ॥
ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥

ਦੁਇ ਕਰ ਜੋੜਿ ਕਰੀ ਅਰਦਾਸਿ ॥
ਚਰਨ ਪਖਾਰਿ ਕਹਾਂ ਗੁਣਤਾਸ ॥
ਪ੍ਰਭ ਦਇਆਲ ਕਿਰਪਾਲ ਹਜੂਰਿ ॥
ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

Sahib Singh
ਮੋਹਿ = ਮੈਨੂੰ ।
ਮਸਕੀਨ = ਆਜਿਜ਼, ਨਿਮਾਣਾ ।
ਮੋਹਿ ਮਸਕੀਨ = ਮੈਨੂੰ ਨਿਮਾਣੇ ਨੂੰ ।
ਅਧਾਰੁ = ਆਸਰਾ ।
ਖਾਟਣ ਕਉ = ਖੱਟਣ ਵਾਸਤੇ ।
ਰੋਜਗਾਰੁ = ਰੋਜ਼ੀ ਕਮਾਣ ਲਈ ਕੰਮ ।
ਸੰਚਣ ਕਉ = ਜਮ੍ਹਾਂ ਕਰਨ ਲਈ ।
ਹਲਤਿ = {ਅ>} ਇਸ ਲੋਕ ਵਿਚ ।
ਪਲਤਿ = {ਪਰ>} ਪਰਲੋਕ ਵਿਚ ।
ਤਾ ਕੈ ਕਾਮ = ਉਸ ਮਨੁੱਖ ਦੇ ਕੰਮ ।
    ।੧ ।
ਨਾਮਿ = ਨਾਮ ਵਿਚ ।
ਰਤੇ = ਰੰਗੇ ਹੋਏ ।
ਰੰਗਿ = ਪ੍ਰੇਮ = ਰੰਗ ਵਿਚ ।
ਅਪਾਰ = ਬੇਅੰਤ ।
ਸਾਧ = ਸੰਤ ਜਨ ।
ਗਵਹਿ = ਗਾਂਦੇ ਹਨ ।ਰਹਾਉ ।
ਅਤਿ ਮਸਕੀਨੀ = ਬਹੁਤ ਨਿਮ੍ਰਤਾ ।
ਚੀਨੀ = ਪਛਾਣੀ ।
ਜਸੁ = ਸਿਫ਼ਤਿ = ਸਾਲਾਹ ।
ਸੰਤਨ ਕੈ = ਸੰਤਾਂ ਦੇ ਹਿਰਦੇ ਵਿਚ ।
ਚਿੰਦ = ਚਿੰਤਾ ।੨ ।
ਜਹ = ਜਿੱਥੇ ।
ਇਕਤ੍ਰ = ਇਕੱਠੇ ।
ਨਾਦ = ਸਾਜ (ਵਜਾ ਕੇ) ।
ਕਵਿਤ = ਕਵਿਤਾ (ਪੜ੍ਹ ਕੇ) ।
ਬਿਸ੍ਰਾਮ = ਸ਼ਾਂਤੀ ।
ਉਨ ਸੰਗੁ = ਉਹਨਾਂ ਦੀ ਸੰਗਤਿ ।
ਮਸਤਕਿ = ਮੱਥੇ ਉਤੇ ।
ਕਰਾਮ = ਕਰਮ, ਬਖ਼ਸ਼ਸ਼ ।੩ ।
ਦੁਇ ਕਰ = ਦੋਵੇਂ ਹੱਥ {ਬਹੁ-ਵਚਨ} ।
ਕਰੀ = ਕਰੀਂ, ਮੈਂ ਕਰਦਾ ਹਾਂ ।
ਪਖਾਰਿ = ਧੋ ਕੇ ।
ਗੁਣਤਾਸ = ਗੁਣਾਂ ਦਾ ਖ਼ਜ਼ਾਨਾ ਪ੍ਰਭੂ ।
ਜੀਵੈ = ਆਤਮਕ ਜੀਵਨ ਪ੍ਰਾਪਤ ਕਰਦਾ ਹੈ ।
ਧੂਰਿ = ਚਰਨ = ਧੂੜ ।੪ ।
    
Sahib Singh
ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ।ਰਹਾਉ ।
ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ ।
ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ ।
(ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ।੧ ।
ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ ।
ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ ।
(ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ ।੨ ।
ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ ।
ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ ।
ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩ ।
ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ ।
ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩ ।
Follow us on Twitter Facebook Tumblr Reddit Instagram Youtube