ਸਿਰੀਰਾਗੁ ਮਹਲਾ ੫ ॥
ਸੋਈ ਸਾਸਤੁ ਸਉਣੁ ਸੋਇ ਜਿਤੁ ਜਪੀਐ ਹਰਿ ਨਾਉ ॥
ਚਰਣ ਕਮਲ ਗੁਰਿ ਧਨੁ ਦੀਆ ਮਿਲਿਆ ਨਿਥਾਵੇ ਥਾਉ ॥
ਸਾਚੀ ਪੂੰਜੀ ਸਚੁ ਸੰਜਮੋ ਆਠ ਪਹਰ ਗੁਣ ਗਾਉ ॥
ਕਰਿ ਕਿਰਪਾ ਪ੍ਰਭੁ ਭੇਟਿਆ ਮਰਣੁ ਨ ਆਵਣੁ ਜਾਉ ॥੧॥

ਮੇਰੇ ਮਨ ਹਰਿ ਭਜੁ ਸਦਾ ਇਕ ਰੰਗਿ ॥
ਘਟ ਘਟ ਅੰਤਰਿ ਰਵਿ ਰਹਿਆ ਸਦਾ ਸਹਾਈ ਸੰਗਿ ॥੧॥ ਰਹਾਉ ॥

ਸੁਖਾ ਕੀ ਮਿਤਿ ਕਿਆ ਗਣੀ ਜਾ ਸਿਮਰੀ ਗੋਵਿੰਦੁ ॥
ਜਿਨ ਚਾਖਿਆ ਸੇ ਤ੍ਰਿਪਤਾਸਿਆ ਉਹ ਰਸੁ ਜਾਣੈ ਜਿੰਦੁ ॥
ਸੰਤਾ ਸੰਗਤਿ ਮਨਿ ਵਸੈ ਪ੍ਰਭੁ ਪ੍ਰੀਤਮੁ ਬਖਸਿੰਦੁ ॥
ਜਿਨਿ ਸੇਵਿਆ ਪ੍ਰਭੁ ਆਪਣਾ ਸੋਈ ਰਾਜ ਨਰਿੰਦੁ ॥੨॥

ਅਉਸਰਿ ਹਰਿ ਜਸੁ ਗੁਣ ਰਮਣ ਜਿਤੁ ਕੋਟਿ ਮਜਨ ਇਸਨਾਨੁ ॥
ਰਸਨਾ ਉਚਰੈ ਗੁਣਵਤੀ ਕੋਇ ਨ ਪੁਜੈ ਦਾਨੁ ॥
ਦ੍ਰਿਸਟਿ ਧਾਰਿ ਮਨਿ ਤਨਿ ਵਸੈ ਦਇਆਲ ਪੁਰਖੁ ਮਿਹਰਵਾਨੁ ॥
ਜੀਉ ਪਿੰਡੁ ਧਨੁ ਤਿਸ ਦਾ ਹਉ ਸਦਾ ਸਦਾ ਕੁਰਬਾਨੁ ॥੩॥

ਮਿਲਿਆ ਕਦੇ ਨ ਵਿਛੁੜੈ ਜੋ ਮੇਲਿਆ ਕਰਤਾਰਿ ॥
ਦਾਸਾ ਕੇ ਬੰਧਨ ਕਟਿਆ ਸਾਚੈ ਸਿਰਜਣਹਾਰਿ ॥
ਭੂਲਾ ਮਾਰਗਿ ਪਾਇਓਨੁ ਗੁਣ ਅਵਗੁਣ ਨ ਬੀਚਾਰਿ ॥
ਨਾਨਕ ਤਿਸੁ ਸਰਣਾਗਤੀ ਜਿ ਸਗਲ ਘਟਾ ਆਧਾਰੁ ॥੪॥੧੮॥੮੮॥

Follow us on Twitter Facebook Tumblr Reddit Instagram Youtube