ਸਿਰੀਰਾਗੁ ਮਹਲਾ ੧ ॥
ਸੁਣਿ ਮਨ ਭੂਲੇ ਬਾਵਰੇ ਗੁਰ ਕੀ ਚਰਣੀ ਲਾਗੁ ॥
ਹਰਿ ਜਪਿ ਨਾਮੁ ਧਿਆਇ ਤੂ ਜਮੁ ਡਰਪੈ ਦੁਖ ਭਾਗੁ ॥
ਦੂਖੁ ਘਣੋ ਦੋਹਾਗਣੀ ਕਿਉ ਥਿਰੁ ਰਹੈ ਸੁਹਾਗੁ ॥੧॥

ਭਾਈ ਰੇ ਅਵਰੁ ਨਾਹੀ ਮੈ ਥਾਉ ॥
ਮੈ ਧਨੁ ਨਾਮੁ ਨਿਧਾਨੁ ਹੈ ਗੁਰਿ ਦੀਆ ਬਲਿ ਜਾਉ ॥੧॥ ਰਹਾਉ ॥

ਗੁਰਮਤਿ ਪਤਿ ਸਾਬਾਸਿ ਤਿਸੁ ਤਿਸ ਕੈ ਸੰਗਿ ਮਿਲਾਉ ॥
ਤਿਸੁ ਬਿਨੁ ਘੜੀ ਨ ਜੀਵਊ ਬਿਨੁ ਨਾਵੈ ਮਰਿ ਜਾਉ ॥
ਮੈ ਅੰਧੁਲੇ ਨਾਮੁ ਨ ਵੀਸਰੈ ਟੇਕ ਟਿਕੀ ਘਰਿ ਜਾਉ ॥੨॥

ਗੁਰੂ ਜਿਨਾ ਕਾ ਅੰਧੁਲਾ ਚੇਲੇ ਨਾਹੀ ਠਾਉ ॥
ਬਿਨੁ ਸਤਿਗੁਰ ਨਾਉ ਨ ਪਾਈਐ ਬਿਨੁ ਨਾਵੈ ਕਿਆ ਸੁਆਉ ॥
ਆਇ ਗਇਆ ਪਛੁਤਾਵਣਾ ਜਿਉ ਸੁੰਞੈ ਘਰਿ ਕਾਉ ॥੩॥

ਬਿਨੁ ਨਾਵੈ ਦੁਖੁ ਦੇਹੁਰੀ ਜਿਉ ਕਲਰ ਕੀ ਭੀਤਿ ॥
ਤਬ ਲਗੁ ਮਹਲੁ ਨ ਪਾਈਐ ਜਬ ਲਗੁ ਸਾਚੁ ਨ ਚੀਤਿ ॥
ਸਬਦਿ ਰਪੈ ਘਰੁ ਪਾਈਐ ਨਿਰਬਾਣੀ ਪਦੁ ਨੀਤਿ ॥੪॥

ਹਉ ਗੁਰ ਪੂਛਉ ਆਪਣੇ ਗੁਰ ਪੁਛਿ ਕਾਰ ਕਮਾਉ ॥
ਸਬਦਿ ਸਲਾਹੀ ਮਨਿ ਵਸੈ ਹਉਮੈ ਦੁਖੁ ਜਲਿ ਜਾਉ ॥
ਸਹਜੇ ਹੋਇ ਮਿਲਾਵੜਾ ਸਾਚੇ ਸਾਚਿ ਮਿਲਾਉ ॥੫॥

ਸਬਦਿ ਰਤੇ ਸੇ ਨਿਰਮਲੇ ਤਜਿ ਕਾਮ ਕ੍ਰੋਧੁ ਅਹੰਕਾਰੁ ॥
ਨਾਮੁ ਸਲਾਹਨਿ ਸਦ ਸਦਾ ਹਰਿ ਰਾਖਹਿ ਉਰ ਧਾਰਿ ॥
ਸੋ ਕਿਉ ਮਨਹੁ ਵਿਸਾਰੀਐ ਸਭ ਜੀਆ ਕਾ ਆਧਾਰੁ ॥੬॥

ਸਬਦਿ ਮਰੈ ਸੋ ਮਰਿ ਰਹੈ ਫਿਰਿ ਮਰੈ ਨ ਦੂਜੀ ਵਾਰ ॥
ਸਬਦੈ ਹੀ ਤੇ ਪਾਈਐ ਹਰਿ ਨਾਮੇ ਲਗੈ ਪਿਆਰੁ ॥
ਬਿਨੁ ਸਬਦੈ ਜਗੁ ਭੂਲਾ ਫਿਰੈ ਮਰਿ ਜਨਮੈ ਵਾਰੋ ਵਾਰ ॥੭॥

ਸਭ ਸਾਲਾਹੈ ਆਪ ਕਉ ਵਡਹੁ ਵਡੇਰੀ ਹੋਇ ॥
ਗੁਰ ਬਿਨੁ ਆਪੁ ਨ ਚੀਨੀਐ ਕਹੇ ਸੁਣੇ ਕਿਆ ਹੋਇ ॥
ਨਾਨਕ ਸਬਦਿ ਪਛਾਣੀਐ ਹਉਮੈ ਕਰੈ ਨ ਕੋਇ ॥੮॥੮॥

Sahib Singh
ਬਾਵਰੇ = ਹੇ ਕਮਲੇ !
ਦੁਖ ਭਾਗੁ = ਦੁਖਾਂ ਨੂੰ ਭਾਜੜ (ਪੈ ਜਾਂਦੀ ਹੈ) ।
ਦੋਹਾਗਣੀ = ਮੰਦੇ ਭਾਗਾਂ ਵਾਲੀ ।੧ ।
ਨਿਧਾਨੁ = ਖ਼ਜ਼ਾਨਾ ।
ਗੁਰਿ = ਗੁਰੂ ਨੇ ।
ਬਲਿ = ਕੁਰਬਾਨ ਸਦਕੇ ।੧।ਰਹਾਉ ।
ਪਤਿ = ਇੱਜ਼ਤ ।
ਮਰਿ ਜਾਉ = (ਜਾਉਂ) ਮੈਂ ਆਤਮਕ ਮੌਤੇ ਮਰ ਜਾਂਦਾ ਹਾਂ ।੨ ।
ਸੁਆਉ = ਸੁਆਰਥ, ਜਨਮ ਮਨੋਰਥ ।
ਕਾਉ = ਕਾਂ ।੩ ।
ਦੇਹੁਰੀ = ਸਰੀਰ (ਨੂੰ) ।
ਭੀਤਿ = ਕੰਧ ।
ਚੀਤਿ = ਚਿੱਤ ਵਿਚ ।
ਰਪੈ = ਰੰਗਿਆ ਜਾਏ ।
ਨਿਰਬਾਣੀ ਪਦੁ = ਉਹ ਆਤਮਕ ਦਰਜਾ ਜਿੱਥੇ ਕੋਈ ਵਾਸ਼ਨਾ ਪੋਹ ਨਹੀਂ ਸਕਦੀ ।
ਨਿਰਬਾਣੀ = ਵਾਸਨਾ ਰਹਿਤ ।੪ ।
ਪੁਛਿ = ਪੁੱਛ ਕੇ ।
ਸਬਦਿ = ਗੁਰਸ਼ਬਦ ਦੀ ਰਾਹੀਂ ।
ਮਨਿ = ਮਨ ਵਿਚ ।੫।ਤਜਿ—ਤਿਆਗ ਕੇ ।
ਸਲਾਹਨਿ = ਸਲਾਹੁੰਦੇ ਹਨ ।
ਉਰ ਧਾਰਿ = ਹਿਰਦੇ ਵਿਚ ਟਿਕਾ ਕੇ ।
ਆਧਾਰੁ = ਆਸਰਾ ।੬ ।
ਸਬਦਿ = ਸ਼ਬਦ ਵਿਚ (ਜੁੜ ਕੇ) ।
ਮਰੈ = (ਵਿਕਾਰਾਂ ਵਲੋਂ) ਮਰਦਾ ਹੈ ।੭ ।
ਆਪ ਕਉ = ਆਪਣੇ ਆਪ ਨੂੰ ਨਾ ਚੀਨੀਐ—ਪਰਖਿਆ ਨਹੀਂ ਜਾ ਸਕਦਾ ।੮ ।
    
Sahib Singh
ਹੇ ਕੁਰਾਹੇ-ਪਏ ਕਮਲੇ ਮਨ! (ਮੇਰੀ ਸਿੱਖਿਆ) ਸੁਣ (ਸਿੱਖਿਆ ਇਹ ਹੈ ਕਿ) ਗੁਰੂ ਦੀ ਸਰਨੀ ਪਉ (ਗੁਰੂ ਪਾਸੋਂ ਪਰਮਾਤਮਾ ਦਾ ਨਾਮ ਮਿਲਦਾ ਹੈ, ਤੂੰ ਭੀ ਉਹ) ਹਰਿ ਨਾਮ ਜਪ, (ਪ੍ਰਭੂ ਚਰਨਾਂ ਵਿਚ) ਸੁਰਤਿ ਜੋੜ (ਪ੍ਰਭੂ ਦਾ ਨਾਮ ਸਿਮਰਿਆਂ) ਜਮਰਾਜ (ਭੀ) ਡਰ ਜਾਂਦਾ ਹੈ ਤੇ ਦੁੱਖਾਂ ਨੂੰ ਭਾਜੜ ਪੈ ਜਾਂਦੀ ਹੈ ।
(ਪਰ ਜੇਹੜੀ) ਭਾਗ-ਹੀਣ ਜੀਵ-ਇਸਤ੍ਰੀ (ਨਾਮ ਨਹੀਂ ਸਿਮਰਦੀ, ਉਸ) ਨੂੰ ਬਹੁਤ ਦੁੱਖ-ਕਲੇਸ਼ ਵਿਆਪਦਾ ਹੈ (ਦੁੱਖਾਂ ਨੂੰ ਭਾਜੜ ਤਦੋਂ ਹੀ ਪੈ ਸਕਦੀ ਹੈ, ਜੇ ਸਿਰ ਉਤੇ ਖਸਮ-ਸਾਈਂ ਹੋਵੇ, ਪਰ ਜੋ ਖਸਮ ਦਾ ਨਾਮ ਕਦੇ ਚੇਤੇ ਹੀ ਨਹੀਂ ਕਰਦੀ, ਉਸ ਦੇ ਸਿਰ ਉਤੇ) ਖਸਮ-ਸਾਈਂ ਕਿਵੇਂ ਟਿਕਿਆ ਹੋਇਆ ਪ੍ਰਤੀਤ ਹੋਵੇ ?
।੧ ।
ਹੇ ਭਾਈ! ਮੇਰੇ ਵਾਸਤੇ ਤਾਂ ਪ੍ਰਭੂ-ਨਾਮ ਹੀ ਧਨ ਹੈ, ਨਾਮ ਹੀ ਖ਼ਜ਼ਾਨਾ ਹੈ (ਇਹ ਖ਼ਜ਼ਾਨਾ ਜਿਸ ਕਿਸੇ ਨੂੰ ਦਿੱਤਾ ਹੈ) ਗੁਰੂ ਨੇ (ਹੀ) ਦਿੱਤਾ ਹੈ, ਮੈਂ ਗੁਰੂ ਤੋਂ ਕੁਰਬਾਨ ਹਾਂ ।
(ਨਾਮ ਖ਼ਜ਼ਾਨਾ ਹਾਸਲ ਕਰਨ ਲਈ) ਮੈਨੂੰ (ਗੁਰੂ ਤੋਂ ਬਿਨਾ) ਹੋਰ ਕੋਈ ਥਾਂ ਨਹੀਂ ਦਿੱਸਦਾ ।੧।ਰਹਾਉ ।
ਸ਼ਾਬਾਸ਼ੇ ਉਸ (ਗੁਰੂ) ਤੋਂ ਜਿਸ ਗੁਰੂ ਦੀ ਮਤਿ ਮਿਲਿਆਂ ਇੱਜ਼ਤ ਮਿਲਦੀ ਹੈ ।
(ਪ੍ਰਭੂ ਮਿਹਰ ਕਰੇ) ਮੈਂ ਉਸ (ਗੁਰੂ) ਦੀ ਸੰਗਤਿ ਵਿਚ ਮਿਲਿਆ ਰਹਾਂ ।
(ਨਾਮ ਦੀ ਦਾਤਿ ਦੇਣ ਵਾਲੇ) ਉਸ ਗੁਰੂ ਤੋਂ ਬਿਨਾ ਮੈਂ ਇਕ ਘੜੀ ਭੀ ਨਹੀਂ ਰਹਿ ਸਕਦਾ, ਕਿਉਂਕਿ ਨਾਮ ਤੋਂ ਬਿਨਾ ਮੇਰੀ ਆਤਮਕ ਮੌਤ ਹੋ ਜਾਂਦੀ ਹੈ ।
(ਨਾਮ ਤੋਂ ਬਿਨਾ ਮੈਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਜਾਂਦਾ ਹਾਂ, ਪ੍ਰਭੂ ਮਿਹਰ ਕਰੇ) ਮੈਨੂੰ ਅੰਨ੍ਹੇ ਨੂੰ ਉਸ ਦਾ ਨਾਮ ਨਾਹ ਭੁੱਲ ਜਾਏ, ਮੈਂ ਗੁਰੂ ਦਾ ਆਸਰਾ ਪਰਨਾ ਲੈ ਕੇ ਪ੍ਰਭੂ-ਚਰਨਾਂ ਵਿਚ ਜੁੜਿਆ ਰਹਾਂ ।੨ ।
(ਪਰ ਗੁਰੂ ਭੀ ਹੋਵੇ ਤਾਂ ਸੁਜਾਖਾ ਹੋਵੇ) ਜਿਨ੍ਹਾਂ ਦਾ ਗੁਰੂ (ਆਪ ਹੀ ਮਾਇਆ ਦੇ ਮੋਹ ਵਿਚ) ਅੰਨ੍ਹਾ ਹੋ ਗਿਆ ਹੋਵੇ, ਉਹਨਾਂ ਚੇਲਿਆਂ ਨੂੰ (ਆਤਮਕ ਸੁਖ ਦਾ) ਥਾਂ-ਟਿਕਾਣਾ ਨਹੀਂ ਲੱਭ ਸਕਦਾ ।
(ਪੂਰੇ) ਗੁਰੂ ਤੋਂ ਬਿਨਾ ਪ੍ਰਭੂ ਦਾ ਨਾਮ ਨਹੀਂ ਮਿਲਦਾ, ਨਾਮ ਤੋਂ ਬਿਨਾ ਹੋਰ ਕੋਈ (ਸੁਚੱਜਾ) ਜੀਵਨ-ਮਨੋਰਥ ਨਹੀਂ ਹੋ ਸਕਦਾ ।
ਨਾਮ ਤੋਂ ਵਾਂਜਿਆ ਮਨੁੱਖ ਦੁਨੀਆ ਵਿਚ ਆਇਆ ਤੇ ਤੁਰ ਗਿਆ, ਪਛਤਾਵਾ ਹੀ (ਨਾਲ ਲੈ ਗਿਆ, ਖਾਲੀ-ਹੱਥ ਹੀ ਜਗ ਤੋਂ ਗਿਆ) ਜਿਵੇਂ ਸੁੰਞੇ ਘਰ ਵਿਚ ਕਾਂ (ਆ ਕੇ ਖ਼ਾਲੀ ਜਾਂਦਾ ਹੈ) ।੩ ।
ਨਾਮ ਸਿਮਰਨ ਤੋਂ ਬਿਨਾ ਸਰੀਰ ਨੂੰ (ਚਿੰਤਾ ਆਦਿਕ ਇਤਨਾ) ਦੁੱਖ ਵਿਆਪਦਾ ਹੈ (ਕਿ ਸਰੀਰਕ ਸੱਤਿਆ ਇਉਂ ਕਿਰਦੀ ਜਾਂਦੀ ਹੈ) ਜਿਵੇਂ ਕਲਰ ਦੀ ਕੰਧ (ਕਿਰਦੀ ਰਹਿੰਦੀ ਹੈ) ।
ਇਸ ਨੂੰ ਕਿਰਨ ਤੋਂ ਬਚਾਣ ਲਈ) ਤਦ ਤਕ (ਪ੍ਰਭੂ ਦਾ) ਮਹਲ (-ਰੂਪ ਸਹਾਰਾ) ਨਹੀਂ ਮਿਲਦਾ, ਜਦ ਤਕ ਉਹ ਸਦਾ-ਥਿਰ ਪ੍ਰਭੂ (ਜੀਵ ਦੇ) ਚਿੱਤ ਵਿਚ ਨਹੀਂ ਆ ਵੱਸਦਾ ।
ਜੇ ਗੁਰੂ ਦੇ ਸ਼ਬਦ ਵਿਚ ਮਨ ਰੰਗਿਆ ਜਾਏ, ਤਾਂ ਪ੍ਰਭੂ ਦੀ ਹਜ਼ੂਰੀ (ਦੀ ਓਟ) ਮਿਲ ਜਾਂਦੀ ਹੈ, ਤੇ ਉਹ ਆਤਮਕ ਅਵਸਥਾ ਸਦਾ ਲਈ ਲੱਭ ਪੈਂਦੀ ਹੈ ਜਿੱਥੇ ਕੋਈ ਵਾਸਨਾ ਨਹੀਂ ਪੋਹ ਸਕਦੀ ।੪ ।
(ਸੋ, ਹੇ ਭਾਈ! ਇਸ ‘ਨਿਰਬਾਣ ਪਦ’ ਦੀ ਪ੍ਰਾਪਤੀ ਵਾਸਤੇ) ਮੈਂ ਆਪਣੇ ਗੁਰੂ ਨੂੰ ਪੁੱਛਾਂਗੀ, ਗੁਰੂ ਨੂੰ ਪੁੱਛ ਕੇ (ਉਸ ਦੀ ਦੱਸੀ) ਕਾਰ ਕਰਾਂਗੀ, ਮੈਂ ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਂਗੀ, (ਭਲਾ ਕਿਤੇ ਪ੍ਰਭੂ ਮੇਰੇ) ਮਨ ਵਿਚ ਆ ਵੱਸੇ (ਪ੍ਰਭੂ ਦੀ ਮਿਹਰ ਹੋਵੇ, ਮੇਰਾ) ਹਉਮੈ ਦਾ ਦੁੱਖ ਸੜ ਜਾਏ, ਸਹਜਅਵਸਥਾ ਵਿਚ ਟਿਕਿਆਂ ਮੇਰਾ ਪ੍ਰਭੂ ਨਾਲ ਸੋਹਣਾ ਮਿਲਾਪ ਹੋ ਜਾਏ, ਸਦਾ ਟਿਕੇ ਰਹਿਣ ਵਾਲੇ ਪ੍ਰਭੂ ਵਿਚ ਮੇਰਾ ਸਦਾ ਲਈ ਮੇਲ ਹੋ ਜਾਏ ।੫ ।
ਜੇਹੜੇ ਬੰਦੇ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ ਉਹ ਕਾਮ ਕ੍ਰੋਧ ਅਹੰਕਾਰ (ਆਦਿਕ ਵਿਕਾਰਾਂ) ਨੂੰ ਤਿਆਗ ਕੇ ਪਵਿਤ੍ਰ (ਜੀਵਨ ਵਾਲੇ) ਹੋ ਜਾਂਦੇ ਹਨ, ਉਹ ਸਦਾ ਪ੍ਰਭੂ ਦਾ ਨਾਮ ਸਲਾਹੁੰਦੇ ਹਨ, ਉਹ ਪਰਮਾਤਮਾ (ਦੀ ਯਾਦ) ਨੂੰ ਸਦਾ ਆਪਣੇ ਹਿਰਦੇ ਵਿਚ ਟਿਕਾ ਰੱਖਦੇ ਹਨ ।
(ਹੇ ਭਾਈ!) ਜੇਹੜਾ ਪ੍ਰਭੂ ਸਾਰੇ ਜੀਵਾਂ (ਦੀ ਜ਼ਿੰਦਗੀ) ਦਾ ਆਸਰਾ ਹੈ, ਉਸ ਨੂੰ ਕਦੇ ਭੀ ਮਨੋਂ ਭੁਲਾਣਾ ਨਹੀਂ ਚਾਹੀਦਾ ।੬ ।
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਮਰ ਜਾਂਦਾ ਹੈ ਉਹ (ਇਹ ਮਰਨੀ) ਮਰ ਕੇ ਇਸਥਿਰ ਹੋ ਜਾਂਦਾ ਹੈ (ਵਿਕਾਰਾਂ ਦੇ ਟਾਕਰੇ ਤੇ ਤਕੜਾ ਹੋ ਜਾਂਦਾ ਹੈ, ਉਹ ਮਨੁੱਖ ਵਿਕਾਰਾਂ ਦੇ ਢਹੇ ਚੜ੍ਹ ਕੇ) ਮੁੜ ਕਦੇ ਆਤਮਕ ਮੌਤੇ ਨਹੀਂ ਮਰਦਾ ।
(ਇਹ ਅਟੱਲ ਆਤਮਕ ਜੀਵਨ) ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਿਲਦਾ ਹੈ (ਗੁਰੂ ਦੇ ਸ਼ਬਦ ਦੀ ਰਾਹੀਂ ਹੀ) ਪ੍ਰਭੂ ਦੇ ਨਾਮ ਵਿਚ ਪਿਆਰ ਬਣਦਾ ਹੈ ।
ਗੁਰੂ ਦੇ ਸ਼ਬਦ ਤੋਂ ਬਿਨਾ ਜਗਤ (ਜੀਵਨ-ਰਾਹ ਤੋਂ) ਖੁੰਝਿਆ ਹੋਇਆ ਭਟਕਦਾ ਹੈ, ਤੇ ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।੭ ।
ਸਾਰੀ ਦੁਨੀਆ ਆਪਣੇ ਆਪ ਨੂੰ ਸਾਲਾਹੁੰਦੀ ਹੈ ਕਿ ਸਾਡੀ ਵਧੀਕ ਤੋਂ ਵਧੀਕ ਵਡਿਆਈ-ਇੱਜ਼ਤ ਹੋਵੇ (ਆਪਣੇ ਆਪ ਦੀ ਸੂਝ ਤੋਂ ਬਿਨਾ ਇਹ ਲਾਲਸਾ ਬਣੀ ਹੀ ਰਹਿੰਦੀ ਹੈ) ਗੁਰੂ ਦੀ ਸਰਨ ਪੈਣ ਤੋਂ ਬਿਨਾ ਆਪਣੇ ਆਪ ਦੀ ਪਛਾਣ ਨਹੀਂ ਹੋ ਸਕਦੀ, ਗਿਆਨ ਦੀਆਂ ਗੱਲਾਂ ਨਿਰੀਆਂ ਕਹਿਣ ਸੁਣਨ ਨਾਲ ਕੁਝ ਨਹੀਂ ਬਣਦਾ ।
ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਆਪਣਾ ਆਪ ਪਛਾਣਿਆ ਜਾ ਸਕਦਾ ਹੈ (ਜੇਹੜਾ ਮਨੁੱਖ ਆਪੇ ਦੀ ਪਛਾਣ ਕਰ ਲੈਂਦਾ ਹੈ) ਉਹ ਆਪਣੀ ਵਡਿਆਈ ਦੀਆਂ ਗੱਲਾਂ ਨਹੀਂ ਕਰਦਾ ।੮।੮ ।
Follow us on Twitter Facebook Tumblr Reddit Instagram Youtube