ਸਿਰੀਰਾਗੁ ਮਹਲਾ ੧ ॥
ਮਨਮੁਖਿ ਭੁਲੈ ਭੁਲਾਈਐ ਭੂਲੀ ਠਉਰ ਨ ਕਾਇ ॥
ਗੁਰ ਬਿਨੁ ਕੋ ਨ ਦਿਖਾਵਈ ਅੰਧੀ ਆਵੈ ਜਾਇ ॥
ਗਿਆਨ ਪਦਾਰਥੁ ਖੋਇਆ ਠਗਿਆ ਮੁਠਾ ਜਾਇ ॥੧॥

ਬਾਬਾ ਮਾਇਆ ਭਰਮਿ ਭੁਲਾਇ ॥
ਭਰਮਿ ਭੁਲੀ ਡੋਹਾਗਣੀ ਨਾ ਪਿਰ ਅੰਕਿ ਸਮਾਇ ॥੧॥ ਰਹਾਉ ॥

ਭੂਲੀ ਫਿਰੈ ਦਿਸੰਤਰੀ ਭੂਲੀ ਗ੍ਰਿਹੁ ਤਜਿ ਜਾਇ ॥
ਭੂਲੀ ਡੂੰਗਰਿ ਥਲਿ ਚੜੈ ਭਰਮੈ ਮਨੁ ਡੋਲਾਇ ॥
ਧੁਰਹੁ ਵਿਛੁੰਨੀ ਕਿਉ ਮਿਲੈ ਗਰਬਿ ਮੁਠੀ ਬਿਲਲਾਇ ॥੨॥

ਵਿਛੁੜਿਆ ਗੁਰੁ ਮੇਲਸੀ ਹਰਿ ਰਸਿ ਨਾਮ ਪਿਆਰਿ ॥
ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ ਅਧਾਰਿ ॥
ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ ਬਿਨੁ ਕਵਨੁ ਭਤਾਰੁ ॥੩॥

ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ ॥
ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥
ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥੪॥

ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ ॥
ਸਾ ਧਨ ਆਪੁ ਗਵਾਇਆ ਗੁਰ ਕੈ ਸਬਦਿ ਸੀਗਾਰੁ ॥
ਘਰ ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ ॥੫॥

ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ ਸੁਖੁ ਹੋਇ ॥
ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥
ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥੬॥

ਕਰਮਿ ਮਿਲੈ ਤਾ ਪਾਈਐ ਆਪਿ ਨ ਲਇਆ ਜਾਇ ॥
ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ ॥
ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥੭॥

ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥
ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ ॥
ਨਾਨਕ ਸਾਚੁ ਨ ਵੀਸਰੈ ਮੇਲੇ ਸਬਦੁ ਅਪਾਰੁ ॥੮॥੧੨॥

Sahib Singh
ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ।
ਭੁਲੈ = ਰਾਹੋਂ ਖੁੰਝ ਜਾਂਦੀ ਹੈ ।
ਭੁਲਾਈਐ = ਕੁਰਾਹੇ ਪਾਈ ਜਾਂਦੀ ਹੈ ।
ਠਉਰ = ਥਾਂ, ਸਹਾਰਾ ।
ਅੰਧੀ = ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ।
ਆਵੈ ਜਾਇ = ਆਉਂਦੀ ਹੈ ਜਾਂਦੀ ਹੈ, ਭਟਕਦੀ ਫਿਰਦੀ ਹੈ ।
ਗਿਆਨ ਪਦਾਰਥੁ = ਪਰਮਾਤਮਾ ਨਾਲ ਡੂੰਘੀ ਸਾਂਝ ਪੈਦਾ ਕਰਨ ਵਾਲਾ ਨਾਮ-ਪਦਾਰਥ ।੧ ।
ਭਰਮਿ = ਭੁਲੇਖੇ ਵਿਚ (ਪਾ ਕੇ) ।
ਡੋਹਾਗਣੀ = ਮੰਦੇ ਭਾਗਾਂ ਵਾਲੀ ।
ਪਿਰ ਅੰਕਿ = ਪਿਰ ਦੇ ਅੰਕ ਵਿਚ, ਪਤੀ ਦੀ ਗਲਵੱਕੜੀ ਵਿਚ ।੧।ਰਹਾਉ ।
ਦਿਸੰਤਰੀ = {ਦੇਸ = ਅੰਤਰੀ} ਹੋਰ ਹੋਰ ਦੇਸਾਂ ਵਿਚ ।
ਤਜਿ ਜਾਇ = ਛੱਡ ਜਾਂਦੀ ਹੈ ।
ਡੂੰਗਰਿ = ਪਹਾੜ ਉਤੇ ।
ਵਿਛੁੰਨੀ = ਵਿੱਛੁੜੀ ਹੋਈ ।
ਗਰਬਿ = ਅਹੰਕਾਰ ਦੀ ਰਾਹੀਂ ।੨ ।
ਰਸਿ = ਰਸ ਵਿਚ ।
ਪਿਆਰਿ = ਪਿਆਰ ਵਿਚ ।
ਸਹਜਿ = ਅਡੋਲ ਅਵਸਥਾ ਵਿਚ (ਟਿਕ ਕੇ) ।
ਅਧਾਰਿ = ਆਸਰੇ ਦੇ ਕਾਰਨ ।੩ ।
ਅਖਰ = ਵਿਦਿਆ ।
ਕਿਨਿ = ਕਿਸ ਨੇ ?
    ।੪ ।
ਸਾਧਨ = ਜੀਵ = ਇਸਤ੍ਰੀ ।
ਆਪੁ = ਆਪਾ = ਭਾਵ ।
ਘਰ ਹੀ = ਘਰਿ ਹੀ, ਘਰ ਵਿਚ ਹੀ ।
ਗੁਰ ਕੈ ਹੇਤਿ = ਗੁਰੂ ਦੇ ਪਿਆਰ ਦੀ ਰਾਹੀਂ ।੫ ।
ਚਾਕਰੀ = ਸੇਵਾ ।
ਮਨਿ = ਮਨ ਵਿਚ ।
ਵਿਚਹੁ = ਆਪਣੇ ਅੰਦਰੋਂ ।੬।ਕਰਮਿ—ਬਖ਼ਸ਼ਸ਼ ਦੀ ਰਾਹੀਂ, ਮਿਹਰ ਨਾਲ ।
ਆਪਿ = ਆਪਣੇ ਉੱਦਮ ਨਾਲ ।
ਸੇਤੀ = ਨਾਲ ।
ਸਚੋ = ਸੱਚ ਹੀ ।
ਪਲੈ ਪਾਇ = ਮਿਲਦਾ ਹੈ ।੭ ।
ਭੁਲਣ ਅੰਦਰਿ = (ਮਾਇਆ ਦੇ ਅਸਰ ਹੇਠ ਆ ਕੇ) ਕੁਰਾਹੇ ਪੈਣ ਵਿਚ ।
ਸਭੁ ਕੋ = ਹਰੇਕ ਜੀਵ ।
ਅਭੁਲੁ = ਉਹ ਜੇਹੜਾ ਮਾਇਆ ਦੇ ਅਸਰ ਹੇਠ ਜੀਵਨ ਸਫ਼ਰ ਵਿਚ ਗ਼ਲਤ ਕਦਮ ਨਹੀਂ ਚੁੱਕਦਾ ।
ਅਪਾਰੁ = ਬੇਅੰਤ ਪ੍ਰਭੂ ।੮ ।
    
Sahib Singh
ਹੇ ਭਾਈ! ਮਾਇਆ (ਜੀਵਾਂ ਨੂੰ) ਭੁਲੇਖੇ ਵਿਚ ਪਾ ਕੇ ਕੁਰਾਹੇ ਪਾ ਦੇਂਦੀ ਹੈ ।
ਜੇਹੜੀ ਭਾਗ ਹੀਣ ਜੀਵ-ਇਸਤ੍ਰੀ ਭੁਲੇਖੇ ਵਿਚ ਪੈ ਕੇ ਕੁਰਾਹੇ ਪੈਂਦੀ ਹੈ, ਉਹ (ਕਦੇ ਭੀ) ਪ੍ਰਭੂ-ਪਤੀ ਦੇ ਚਰਨਾਂ ਵਿਚ ਲੀਨ ਨਹੀਂ ਹੋ ਸਕਦੀ ।੧।ਰਹਾਉ ।
ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਇਸਤ੍ਰੀ (ਜੀਵਨ ਦੇ) ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਮਾਇਆ ਉਸ ਨੂੰ ਕੁਰਾਹੇ ਪਾ ਦੇਂਦੀ ਹੈ, ਰਾਹੋਂ ਖੁੰਝੀ ਹੋਈ ਨੂੰ (ਗੁਰੂ ਤੋਂ ਬਿਨਾ) ਕੋਈ (ਐਸਾ) ਥਾਂ ਨਹੀਂ ਲੱਭਦਾ (ਜੇਹੜਾ ਉਸ ਨੂੰ ਰਸਤਾ ਵਿਖਾ ਦੇਵੇ) ।
ਗੁਰੂ ਤੋਂ ਬਿਨਾ ਹੋਰ ਕੋਈ ਭੀ (ਸਹੀ ਰਸਤਾ) ਵਿਖਾ ਨਹੀਂ ਸਕਦਾ ।
(ਮਾਇਆ ਦੇ ਵਿਚ) ਅੰਨ੍ਹੀ ਹੋਈ ਜੀਵ-ਇਸਤ੍ਰੀ ਭਟਕਦੀ ਫਿਰਦੀ ਹੈ ।
ਜਿਸ ਭੀ ਜੀਵ ਨੇ (ਮਾਇਆ ਦੇ ਢਹੇ ਚੜ੍ਹ ਕੇ) ਪਰਮਾਤਮਾ ਨਾਲ ਡੂੰਘੀ ਸਾਂਝ ਪੈਦਾ ਕਰਨ ਵਾਲਾ ਨਾਮ-ਧਨ ਗਵਾ ਲਿਆ ਹੈ, ਉਹ ਠੱਗਿਆ ਜਾਂਦਾ ਹੈ, ਉਹ (ਆਤਮਕ ਜੀਵਨ ਵਲੋਂ) ਲੁੱਟਿਆ ਜਾਂਦਾ ਹੈ ।੧ ।
ਜੀਵਨ ਦੇ ਰਾਹ ਤੋਂ ਖੁੰਝੀ ਹੋਈ ਜੀਵ-ਇਸਤ੍ਰੀ ਹੀ ਗਿ੍ਰਹਸਤ ਤਿਆਗ ਕੇ ਦੇਸ ਦੇਸਾਂਤਰਾਂ ਵਿਚ ਫਿਰਦੀ ਹੈ, ਖੁੰਝੀ ਹੋਈ ਹੀ ਕਦੇ ਕਿਸੇ ਪਹਾੜ (ਦੀ ਗੁਫ਼ਾ) ਵਿਚ ਬੈਠਦੀ ਹੈ ਕਦੇ ਕਿਸੇ ਟਿੱਲੇ ਉੱਤੇ ਚੜ੍ਹ ਬੈਠਦੀ ਹੈ, ਭਟਕਦੀ ਫਿਰਦੀ ਹੈ, ਉਸਦਾ ਮਨ (ਮਾਇਆ ਦੇ ਅਸਰ ਹੇਠ) ਡੋਲਦਾ ਹੈ ।
(ਆਪਣੇ ਕੀਤੇ ਕਰਮਾਂ ਦੇ ਕਾਰਨ) ਧੁਰੋਂ ਪ੍ਰਭੂ ਦੇ ਹੁਕਮ ਅਨੁਸਾਰ ਵਿੱਛੁੜੀ ਹੋਈ (ਪ੍ਰਭੂ-ਚਰਨਾਂ ਵਿਚ) ਜੁੜ ਨਹੀਂ ਸਕਦੀ, ਉਹ ਤਾਂ (ਤਿਆਗ ਆਦਿਕ ਦੇ) ਅਹੰਕਾਰ ਵਿਚ ਲੁੱਟੀ ਜਾ ਰਹੀ ਹੈ, ਤੇ (ਵਿਛੋੜੇ ਵਿਚ) ਕਲਪਦੀ ਹੈ ।੨ ।
ਪ੍ਰਭੂ ਤੋਂ ਵਿੱਛੁੜਿਆਂ ਨੂੰ ਗੁਰੂ ਹਰਿ-ਨਾਮ ਦੇ ਆਨੰਦ ਵਿਚ ਜੋੜ ਕੇ, ਨਾਮ ਦੇ ਪਿਆਰ ਵਿਚ ਜੋੜ ਕੇ (ਮੁੜ ਪ੍ਰਭੂ ਨਾਲ) ਮਿਲਾਂਦਾ ਹੈ ।
ਹਰੀ ਦੇ ਗੁਣਾਂ ਦੀ ਬਰਕਤਿ ਨਾਲ ਹਰੀ-ਨਾਮ ਦੇ ਆਸਰੇ ਨਾਲ ਸਦਾ-ਥਿਰ ਪ੍ਰਭੂ ਵਿਚ (ਜੁੜਿਆਂ) ਅਡੋਲ ਅਵਸਥਾ ਵਿਚ (ਟਿਕਿਆਂ) ਬੜੀ ਸੋਭਾ (ਭੀ ਮਿਲਦੀ ਹੈ) ।
(ਮੈਂ ਤੇਰਾ ਦਾਸ ਬੇਨਤੀ ਕਰਦਾ ਹਾਂ—ਹੇ ਪ੍ਰਭੂ!) ਜਿਵੇਂ ਤੇਰੀ ਰਜ਼ਾ ਹੋ ਸਕੇ, ਮੈਨੂੰ ਆਪਣੇ ਚਰਨਾਂ ਵਿਚ ਰੱਖ ।
ਤੈਥੋਂ ਬਿਨਾ ਮੇਰਾ ਖਸਮ-ਸਾਈਂ ਹੋਰ ਕੋਈ ਨਹੀਂ ।੩ ।
ਵਿੱਦਿਆ ਪੜ੍ਹ ਪੜ੍ਹ ਕੇ (ਭੀ ਵਿੱਦਿਆ ਦੇ ਅਹੰਕਾਰ ਕਾਰਨ) ਕੁਰਾਹੇ ਹੀ ਪਈਦਾ ਹੈ, (ਗਿ੍ਰਹਸਤ-ਤਿਆਗੀਆਂ ਦੇ) ਭੇਖਾਂ ਨਾਲ ਭੀ (ਮਨ ਵਿਚ) ਬੜਾ ਮਾਣ ਪੈਦਾ ਹੁੰਦਾ ਹੈ ।
ਤੀਰਥਾਂ ਉੱਤੇ ਇਸ਼ਨਾਨ ਕਰਨ ਨਾਲ ਭੀ ਜੀਵ ਕੁਝ ਨਹੀਂ ਸੰਵਾਰ ਸਕਦਾ, ਕਿਉਂਕਿ ਮਨ ਵਿਚ (ਇਸ) ਅਹੰਕਾਰ ਦੀ ਮੈਲ ਟਿਕੀ ਰਹਿੰਦੀ ਹੈ (ਕਿ ਮੈਂ ਤੀਰਥ ਇਸ਼ਨਾਨੀ ਹਾਂ) ।
(ਹਰੇਕ ਖੁੰਝੇ ਹੋਏ ਰਸਤੇ ਵਿਚ) ਮਨ (ਇਸ ਸਰੀਰ-ਨਗਰੀ ਦਾ) ਰਾਜਾ ਬਣਿਆ ਰਹਿੰਦਾ ਹੈ, ਸੁਲਤਾਨ ਬਣਿਆ ਰਹਿੰਦਾ ਹੈ ।
ਗੁਰੂ ਤੋਂ ਬਿਨਾ ਇਸ ਨੂੰ ਕਿਸੇ ਹੋਰ ਨੇ ਕਦੇ ਮਤਿ ਨਹੀਂ ਦਿੱਤੀ (ਕੋਈ ਇਸ ਨੂੰ ਸਮਝਾ ਨਹੀਂ ਸਕਿਆ) ।੪ ।
(ਹੇ ਬਾਬਾ!) ਗੁਰੂ ਦੀ ਸਰਨ ਪੈ ਕੇ ਆਪਣੇ ਮੂਲ-ਪ੍ਰਭੂ (ਦੇ ਗੁਣਾਂ) ਨੂੰ ਵਿਚਾਰ ।
ਗੁਰੂ ਦੀ ਸਰਨ ਪਿਆਂ ਹੀ (ਪ੍ਰਭੂ-ਚਰਨਾਂ ਨਾਲ) ਪ੍ਰੇਮ ਪੈਦਾ ਕਰਨ ਵਾਲਾ ਨਾਮ-ਧਨ ਮਿਲਦਾ ਹੈ ।
ਜਿਸ ਜੀਵ-ਇਸਤ੍ਰੀ ਨੇ ਆਪਾ-ਭਾਵਦੂਰ ਕੀਤਾ ਹੈ, ਗੁਰੂ ਦੇ ਸ਼ਬਦ ਵਿਚ (ਜੁੜ ਕੇ ਆਤਮਕ ਜੀਵਨ ਨੂੰ ਆਪਾ-ਭਾਵ ਦੂਰ ਕਰਨ ਦਾ) ਸਿੰਗਾਰ ਕੀਤਾ ਹੈ, ਉਸ ਨੇ ਗੁਰੂ ਦੇ ਬਖ਼ਸ਼ੇ ਪ੍ਰੇਮ ਦੀ ਰਾਹੀਂ ਆਪਣੇ ਹਿਰਦੇ ਘਰ ਵਿਚ ਉਸ ਬੇਅੰਤ ਪ੍ਰਭੂ ਪਤੀ ਨੂੰ ਲੱਭ ਲਿਆ ਹੈ ।੫ ।
ਗੁਰੂ ਦੀ ਦੱਸੀ ਹੋਈ ਸੇਵਾ ਕੀਤਿਆਂ ਚਾਕਰੀ ਕੀਤਿਆਂ ਮਨ ਪਵਿਤ੍ਰ ਹੋ ਜਾਂਦਾ ਹੈ, ਆਤਮਕ ਆਨੰਦ ਮਿਲਦਾ ਹੈ ।
ਜਿਸ ਮਨੁੱਖ ਦੇ ਮਨ ਵਿਚ ਗੁਰੂ ਦਾ ਸ਼ਬਦ (ਉਪਦੇਸ਼) ਵੱਸ ਪੈਂਦਾ ਹੈ, ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦਾ ਹੈ, ਜਿਸ ਮਨੁੱਖ ਨੇ (ਗੁਰੂ ਦੀ ਸਰਨ ਪੈ ਕੇ) ਨਾਮ-ਧਨ ਹਾਸਲ ਕਰ ਲਿਆ ਹੈ, ਉਸ ਦੇ ਮਨ ਵਿਚ ਸਦਾ ਲਾਭ ਹੁੰਦਾ ਹੈ (ਉਸ ਦੇ ਮਨ ਵਿਚ ਆਤਮਕ ਗੁਣਾਂ ਦਾ ਸਦਾ ਵਾਧਾ ਹੀ ਵਾਧਾ ਹੁੰਦਾ ਹੈ) ।੬ ।
ਪਰਮਾਤਮਾ ਮਿਲਦਾ ਹੈ ਤਾਂ ਆਪਣੀ ਮਿਹਰ ਨਾਲ ਹੀ ਮਿਲਦਾ ਹੈ, ਮਨੁੱਖ ਦੇ ਆਪਣੇ ਉਦਮ ਨਾਲ ਨਹੀਂ ਲਿਆ ਜਾ ਸਕਦਾ, (ਇਸ ਵਾਸਤੇ, ਹੇ ਭਾਈ!) ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਗੁਰੂ ਦੇ ਚਰਨਾਂ ਵਿਚ ਟਿਕਿਆ ਰਹੁ ।
(ਗੁਰ-ਸਰਨ ਦੀ ਬਰਕਤਿ ਨਾਲ ਜੇ) ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਰੰਗ ਵਿਚ ਰੰਗੇ ਰਹੀਏ, ਤਾਂ ਉਹ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ ।੭ ।
(ਹੇ ਬਾਬਾ! ਮਾਇਆ ਐਸੀ ਪ੍ਰਬਲ ਹੈ ਕਿ ਇਸ ਦੇ ਢਹੇ ਚੜ੍ਹ ਕੇ) ਹਰੇਕ ਜੀਵ ਗ਼ਲਤੀ ਖਾ ਜਾਂਦਾ ਹੈ, ਸਿਰਫ਼ ਗੁਰੂ ਹੈ ਤੇ ਕਰਤਾਰ ਹੈ ਜੋ (ਨਾਹ ਮਾਇਆ ਦੇ ਅਸਰ ਹੇਠ ਆਉਂਦਾ ਹੈ, ਤੇ) ਨਾਹ ਗ਼ਲਤੀ ਖਾਂਦਾ ਹੈ ।
ਜਿਸ ਮਨੁੱਖ ਨੇ ਗੁਰੂ ਦੀ ਮਤਿ ਉੱਤੇ ਤੁਰ ਕੇ ਆਪਣੇ ਮਨ ਨੂੰ ਸਮਝ ਲਿਆ ਹੈ, ਉਸਦੇ ਅੰਦਰ (ਪਰਮਾਤਮਾ ਦਾ) ਪ੍ਰੇਮ ਬਣ ਜਾਂਦਾ ਹੈ ।
ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਅਪਾਰ ਪ੍ਰਭੂ ਮਿਲਾ ਦੇਂਦਾ ਹੈ ਉਸ ਨੂੰ ਉਹ ਸਦਾ-ਥਿਰ ਪ੍ਰਭੂ ਕਦੇ ਭੁੱਲਦਾ ਨਹੀਂ ।੮।੧੨ ।
Follow us on Twitter Facebook Tumblr Reddit Instagram Youtube