ਸਲੋਕ ਮਃ ੩ ॥
ਸਤਿਗੁਰੁ ਜਿਨੀ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥
ਅੰਤਰਿ ਗਿਆਨੁ ਨ ਆਇਓ ਮਿਰਤਕੁ ਹੈ ਸੰਸਾਰਿ ॥
ਲਖ ਚਉਰਾਸੀਹ ਫੇਰੁ ਪਇਆ ਮਰਿ ਜੰਮੈ ਹੋਇ ਖੁਆਰੁ ॥
ਸਤਿਗੁਰ ਕੀ ਸੇਵਾ ਸੋ ਕਰੇ ਜਿਸ ਨੋ ਆਪਿ ਕਰਾਏ ਸੋਇ ॥
ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਕਰਮਿ ਪਰਾਪਤਿ ਹੋਇ ॥
ਸਚਿ ਰਤੇ ਗੁਰ ਸਬਦ ਸਿਉ ਤਿਨ ਸਚੀ ਸਦਾ ਲਿਵ ਹੋਇ ॥
ਨਾਨਕ ਜਿਸ ਨੋ ਮੇਲੇ ਨ ਵਿਛੁੜੈ ਸਹਜਿ ਸਮਾਵੈ ਸੋਇ ॥੧॥

Sahib Singh
ਸਬਦਿ = ਸ਼ਬਦ ਦੀ ਰਾਹੀਂ ।
ਗਿਆਨੁ = ਉੱਚੀ ਸਮਝ, ਚਾਨਣ, ਆਤਮਕ ਜੀਵਨ ਦੀ ਸੂਝ ।
ਮਿਰਤਕੁ = ਮੋਇਆ ਹੋਇਆ ।
ਫੇਰੁ = ਫੇਰਾ, ਚੱਕਰ ।
ਸਤਿਗੁਰ ਕੀ ਸੇਵਾ = ਗੁਰੂ ਦੀ ਦੱਸੀ ਕਾਰ ।
ਨਿਧਾਨੁ = ਖ਼ਜ਼ਾਨਾ ।
ਕਰਮਿ = ਮਿਹਰ ਨਾਲ ।
ਕਰਮ = ਮਿਹਰ ।
    
Sahib Singh
(ਮਨੁੱਖਾ ਜਨਮ ਲੱਭ ਕੇ) ਜਿਨ੍ਹਾਂ ਜੀਵਾਂ ਨੇ ਸਤਿਗੁਰੂ ਦੀ ਦੱਸੀ ਸੇਵਾ ਨਹੀਂ ਕੀਤੀ ਤੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਹਰੀ ਨਾਮ ਦੀ) ਵਿਚਾਰ ਨਹੀਂ ਕੀਤੀ, (ਤੇ ਇਸ ਤ੍ਰਹਾਂ) ਹਿਰਦੇ ਵਿਚ ਸੱਚਾ ਚਾਨਣ ਨਹੀਂ ਹੋਇਆ, ਉਹ ਜੀਵ ਸੰਸਾਰ ਵਿਚ (ਜੀਊਂਦਾ ਦਿੱਸਦਾ ਭੀ) ਮੋਇਆ ਹੋਇਆ ਹੈ, (ਚੌਰਾਸੀ ਲੱਖ ਜੂਨਾਂ) ਵਿਚ ਉਸ ਨੂੰ ਚੱਕਰ ਕੱਟਣਾ ਪੈਂਦਾ ਹੈ, ਮੁੜ ਮੁੜ ਜੰਮਦਾ ਮਰਦਾ ਤੇ ਖ਼ੁਆਰ ਹੁੰਦਾ ਹੈ ।
ਜਿਸ ਜੀਵ ਪਾਸੋਂ ਪ੍ਰਭੂ ਆਪ ਕਰਾਏ, ਉਹੀ ਸਤਿਗੁਰੂ ਦੀ ਦੱਸੀ ਕਾਰ ਕਰ ਸਕਦਾ ਹੈ ।
ਸਤਿਗੁਰੂ ਦੇ ਪਾਸ ‘ਨਾਮ’ ਖ਼ਜ਼ਾਨਾ ਹੈ, ਜੋ ਪ੍ਰਭੂ ਦੀ ਮੇਹਰ ਨਾਲ ਪ੍ਰਾਪਤ ਹੁੰਦਾ ਹੈ ।
ਜੋ ਮਨੁੱਖ ਸਤਿਗੁਰੂ ਦੇ ਸ਼ਬਦ ਦੁਆਰਾ ਸੱਚੇ ਨਾਮ ਵਿਚ ਰੰਗੇ ਹੋਏ ਹਨ, ਉਹਨਾਂ ਦੀ ਬਿਰਤੀ ਸਦਾ ਇਕ ਤਾਰ ਰਹਿੰਦੀ ਹੈ ।
ਹੇ ਨਾਨਕ! ਜਿਸ ਨੂੰ (ਇਕ ਵਾਰੀ) ਮੇਲ ਲੈਂਦਾ ਹੈ, ਉਹ (ਕਦੇ) ਵਿਛੁੜਦਾ ਨਹੀਂ, ਉਹ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ।੧ ।
Follow us on Twitter Facebook Tumblr Reddit Instagram Youtube