ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥
ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥
ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥
ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥
ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥
ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥
ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥
ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥
ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥

Sahib Singh
ਚੇਤਿ = ਚੇਤ ਦੇ ਮਹੀਨੇ ਵਿਚ ।
ਘਣਾ = ਬਹੁਤ ।
ਮਿਲਿ = ਮਿਲ ਕੇ ।
ਰਸਨਾ = ਜੀਭ ।
ਭਣਾ = ਉਚਾਰਨ ।
ਜਿਨਿ = ਜਿਸ ਮਨੁੱਖ ਨੇ ।
ਤਿਸਹਿ = ਉਸ ਨੂੰ ।
ਆਏ ਗਣਾ = ਆਇਆ ਸਮਝੋ ।
ਜਣਾ = ਜਾਣੋ ।
ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ ।
ਮਣਾ = ਮਣਾ = ਮੂੰਹੀਂ, ਬਹੁਤ ।
ਕੰਉ = ਨੂੰ ।
ਮਨਾ = ਮਨਿ, ਮਨ ਵਿਚ ।
ਤਿਸ ਕੈ ਪਾਇ = ਉਸ ਮਨੁੱਖ ਦੇ ਪੈਰੀਂ ।
ਲਗਾ = ਲੱਗਾਂ, ਮੈਂ ਲੱਗਦਾ ਹਾਂ ।
    
Sahib Singh
ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ ।
ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ ।
ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ (ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ ।
ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ ।
(ਪਰ)ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ ।
ਨਾਨਕ ਦਾ ਮਨ (ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ ।
ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੀ ਚਰਨੀਂ ਲੱਗਾਂਗਾ ।੨ ।
Follow us on Twitter Facebook Tumblr Reddit Instagram Youtube