ਪਉੜੀ ॥
ਸਦਾ ਸਦਾ ਤੂੰ ਏਕੁ ਹੈ ਤੁਧੁ ਦੂਜਾ ਖੇਲੁ ਰਚਾਇਆ ॥
ਹਉਮੈ ਗਰਬੁ ਉਪਾਇ ਕੈ ਲੋਭੁ ਅੰਤਰਿ ਜੰਤਾ ਪਾਇਆ ॥
ਜਿਉ ਭਾਵੈ ਤਿਉ ਰਖੁ ਤੂ ਸਭ ਕਰੇ ਤੇਰਾ ਕਰਾਇਆ ॥
ਇਕਨਾ ਬਖਸਹਿ ਮੇਲਿ ਲੈਹਿ ਗੁਰਮਤੀ ਤੁਧੈ ਲਾਇਆ ॥
ਇਕਿ ਖੜੇ ਕਰਹਿ ਤੇਰੀ ਚਾਕਰੀ ਵਿਣੁ ਨਾਵੈ ਹੋਰੁ ਨ ਭਾਇਆ ॥
ਹੋਰੁ ਕਾਰ ਵੇਕਾਰ ਹੈ ਇਕਿ ਸਚੀ ਕਾਰੈ ਲਾਇਆ ॥
ਪੁਤੁ ਕਲਤੁ ਕੁਟੰਬੁ ਹੈ ਇਕਿ ਅਲਿਪਤੁ ਰਹੇ ਜੋ ਤੁਧੁ ਭਾਇਆ ॥
ਓਹਿ ਅੰਦਰਹੁ ਬਾਹਰਹੁ ਨਿਰਮਲੇ ਸਚੈ ਨਾਇ ਸਮਾਇਆ ॥੩॥

Sahib Singh
ਗਰਬੁ = ਅਹੰਕਾਰ ।
ਖੜੇ = ਖਲੋ ਕੇ, ਸੁਚੇਤ ਹੋ ਕੇ ।
ਇਕਿ = ਕਈ ਜੀਵ ।
ਕਲਤੁ = ਇਸਤ੍ਰੀ ।
ਅਲਿਪਤੁ = ਨਿਰਲੇਪ, ਨਿਰਮੋਹ ।
ਓਹਿ = (‘ਓਹੁ’ ਤੋਂ ਬਹੁ = ਵਚਨ) ਉਹ ਜੀਵ ।
ਨਾਇ = ਨਾਮ ਵਿਚ ।
    
Sahib Singh
(ਹੇ ਪ੍ਰਭੂ!) ਤੂੰ ਸਦਾ ਹੀ ਇਕ (ਆਪ ਹੀ ਆਪ) ਹੈਂ, ਇਹ (ਤੈਥੋਂ ਵੱਖਰਾ ਦਿੱਸਦਾ ਤਮਾਸ਼ਾ ਤੂੰ ਆਪ ਹੀ ਰਚਿਆ ਹੈ ।
(ਤੂੰ ਹੀ ਜੀਵਾਂ ਦੇ ਅੰਦਰ) ਹਉਮੈ ਅਹੰਕਾਰ ਪੈਦਾ ਕਰ ਕੇ ਜੀਵਾਂ ਦੇ ਅੰਦਰ ਲੋਭ (ਭੀ) ਪਾ ਦਿੱਤਾ ਹੈ ।
(ਸੋ), ਸਾਰੇ ਜੀਵ ਤੇਰੇ ਹੀ ਪ੍ਰੇਰੇ ਹੋਏ ਕਾਰ ਕਰ ਰਹੇ ਹਨ ।
ਜਿਵੇਂ ਤੈਨੂੰ ਭਾਵੇ ਤਿਵੇਂ ਇਹਨਾਂ ਦੀ ਰੱਖਿਆ ਕਰ ।ਕਈ ਜੀਵਾਂ ਨੂੰ ਤੂੰ ਬਖ਼ਸ਼ਦਾ ਹੈਂ (ਤੇ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਗੁਰੂ ਦੀ ਸਿੱਖਿਆ ਵਿਚ ਤੂੰ ਆਪ ਹੀ ਉਹਨਾਂ ਨੂੰ ਲਾਇਆ ਹੈ ।
(ਐਸੇ) ਕਈ ਜੀਵ ਸੁਚੇਤ ਹੋ ਕੇ ਤੇਰੀ ਬੰਦਗੀ ਕਰ ਰਹੇ ਹਨ ।
ਤੇਰੇ ਨਾਮ (ਦੀ ਯਾਦ) ਤੋਂ ਬਿਨਾ ਕੋਈ ਹੋਰ ਕੰਮ ਉਹਨਾਂ ਨੂੰ ਭਾਉਂਦਾ ਨਹੀਂ (ਭਾਵ, ਕਿਸੇ ਹੋਰ ਕੰਮ ਦੀ ਖ਼ਾਤਰ ਤੇਰਾ ਨਾਮ ਵਿਸਾਰਨ ਨੂੰ ਉਹ ਤਿਆਰ ਨਹੀਂ) ।
ਜਿਨ੍ਹਾਂ ਐਸੇ ਬੰਦਿਆਂ ਤੂੰ ਇਸ ਸੱਚੀ ਕਾਰ ਵਿਚ ਲਾਇਆ ਹੈ, ਉਹਨਾਂ ਨੂੰ (ਤੇਰਾ ਨਾਮ ਵਿਸਾਰ ਕੇ) ਕੋਈ ਹੋਰ ਕੰਮ ਕਰਨਾ ਮੰਦਾ ਲੱਗਦਾ ਹੈ ।
ਇਹ ਜੋ ਪੁਤ੍ਰ ਇਸਤ੍ਰੀ ਤੇ ਪਰਵਾਰ ਹੈ, (ਹੇ ਪ੍ਰਭੂ!) ਜੋ ਬੰਦੇ ਤੈਨੂੰ ਪਿਆਰੇ ਲੱਗਦੇ ਹਨ, ਉਹ ਇਹਨਾਂ ਤੋਂ ਨਿਰਮੋਹ ਰਹਿੰਦੇ ਹਨ; ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਵਿਚ ਜੁੜੇ ਹੋਏ ਉਹ ਬੰਦੇ ਅੰਦਰੋਂ ਬਾਹਰੋਂ ਸੁੱਚੇ ਰਹਿੰਦੇ ਹਨ ।੩ ।
Follow us on Twitter Facebook Tumblr Reddit Instagram Youtube