ਪਉੜੀ ॥
ਇਕਿ ਕੰਦ ਮੂਲੁ ਚੁਣਿ ਖਾਹਿ ਵਣ ਖੰਡਿ ਵਾਸਾ ॥
ਇਕਿ ਭਗਵਾ ਵੇਸੁ ਕਰਿ ਫਿਰਹਿ ਜੋਗੀ ਸੰਨਿਆਸਾ ॥
ਅੰਦਰਿ ਤ੍ਰਿਸਨਾ ਬਹੁਤੁ ਛਾਦਨ ਭੋਜਨ ਕੀ ਆਸਾ ॥
ਬਿਰਥਾ ਜਨਮੁ ਗਵਾਇ ਨ ਗਿਰਹੀ ਨ ਉਦਾਸਾ ॥
ਜਮਕਾਲੁ ਸਿਰਹੁ ਨ ਉਤਰੈ ਤ੍ਰਿਬਿਧਿ ਮਨਸਾ ॥
ਗੁਰਮਤੀ ਕਾਲੁ ਨ ਆਵੈ ਨੇੜੈ ਜਾ ਹੋਵੈ ਦਾਸਨਿ ਦਾਸਾ ॥
ਸਚਾ ਸਬਦੁ ਸਚੁ ਮਨਿ ਘਰ ਹੀ ਮਾਹਿ ਉਦਾਸਾ ॥
ਨਾਨਕ ਸਤਿਗੁਰੁ ਸੇਵਨਿ ਆਪਣਾ ਸੇ ਆਸਾ ਤੇ ਨਿਰਾਸਾ ॥੫॥

Sahib Singh
ਕੰਦ = ਗਾਜਰ ਮੂਲੀ ਗੋਂਗਲੂ ਆਦਿਕ ਸਬਜ਼ੀ ਜੋ ਜ਼ਮੀਨ ਦੇ ਅੰਦਰ ਪੈਦਾ ਹੁੰਦੀ ਹੈ ।
ਕੰਦ ਮੂਲੁ = ਮੂਲੀ ।
ਵਣ = ਜੰਗਲ ।
ਵਣਖੰਡਿ = ਜੰਗਲ ਦੇ ਗੋਸ਼ੇ ਵਿਚ ।
ਛਾਦਨ = ਕੱਪੜਾ ।
ਆਸਾ = ਲਾਲਸਾ ।
ਗਿਰਹੀ = ਗਿ੍ਰਹਸਤੀ ।
ਤਿ੍ਰਬਿਧਿ = ਤਿੰਨ ਕਿਸਮ ਦੀ, ਤਿ੍ਰਗੁਣੀ ।
ਮਨਸਾ = ਵਾਸਨਾ ।
    
Sahib Singh
ਕਈ ਬੰਦੇ ਮੂਲੀ ਆਦਿਕ ਪੁਟ ਕੇ ਖਾਂਦੇ ਹਨ (ਮੂਲੀ ਆਦਿਕ ਖਾ ਕੇ ਗੁਜ਼ਾਰਾ ਕਰਦੇ ਹਨ) ਤੇ ਜੰਗਲ ਦੇ ਗੋਸ਼ੇ ਵਿਚ ਜਾ ਰਹਿੰਦੇ ਹਨ ।
ਕਈ ਲੋਕ ਭਗਵੇ ਕੱਪੜੇ ਪਾ ਕੇ ਜੋਗੀ ਤੇ ਸੰਨਿਆਸੀ ਬਣ ਕੇ ਫਿਰਦੇ ਹਨ (ਪਰ ਉਹਨਾਂ ਦੇ) ਮਨ ਵਿਚ ਬਹੁਤ ਲਾਲਚ ਹੁੰਦਾ ਹੈ, ਕੱਪੜੇ ਤੇ ਭੋਜਨ ਦੀ ਲਾਲਸਾ ਟਿਕੀ ਰਹਿੰਦੀ ਹੈ (ਇਸ ਤ੍ਰਹਾਂ) ਅਜਾਈਂ ਮਨੁੱਖਾ ਜਨਮ ਗਵਾ ਕੇ ਨਾਹ ਉਹ ਗਿ੍ਰਹਸਤੀ ਰਹਿੰਦੇ ਹਨ ਤੇ ਨਾਹ ਹੀ ਫ਼ਕੀਰ ।
(ਉਹਨਾਂ ਦੇ ਅੰਦਰ) ਤਿ੍ਰਗੁਣੀ (ਮਾਇਆ ਦੀ) ਲਾਲਸਾ ਹੋਣ ਦੇ ਕਾਰਨ ਆਤਮਕ ਮੌਤ ਉਹਨਾਂ ਦੇ ਸਿਰ ਤੋਂ ਟਲਦੀ ਨਹੀਂ ਹੈ ।
ਜਦੋਂ ਮਨੁੱਖ (ਪ੍ਰਭੂ ਦੇ) ਸੇਵਕਾਂ ਦਾ ਸੇਵਕ ਬਣ ਜਾਂਦਾ ਹੈ, ਤਾਂ ਸਤਿਗੁਰੂ ਦੀ ਸਿੱਖਿਆ ਤੇ ਤੁਰ ਕੇ ਆਤਮਕ ਮੌਤ ਉਸਦੇ ਨੇੜੇ ਨਹੀਂ ਆਉਂਦੀ ।
ਗੁਰੂ ਦਾ ਸੱਚਾ ਸਬਦ ਤੇ ਪ੍ਰਭੂ (ਉਸ ਦੇ) ਮਨ ਵਿਚ ਹੋਣ ਕਰਕੇ ਉਹ ਗਿ੍ਰਹਸਤ ਵਿਚ ਰਹਿੰਦਾ ਹੋਇਆ ਹੀ ਤਿਆਗੀ ਹੈ ।
ਹੇ ਨਾਨਕ! ਜੋ ਮਨੁੱਖ ਆਪਣੇ ਗੁਰੂ ਦੇ ਹੁਕਮ ਵਿਚ ਤੁਰਦੇ ਹਨ, ਉਹ (ਦੁਨੀਆ ਦੀਆਂ) ਲਾਲਸਾ ਤੋਂ ਉਪਰਾਮ ਹੋ ਜਾਂਦੇ ਹਨ ।੫ ।
Follow us on Twitter Facebook Tumblr Reddit Instagram Youtube