ਮਃ ੧ ॥
ਜਾ ਹਉ ਨਾਹੀ ਤਾ ਕਿਆ ਆਖਾ ਕਿਹੁ ਨਾਹੀ ਕਿਆ ਹੋਵਾ ॥
ਕੀਤਾ ਕਰਣਾ ਕਹਿਆ ਕਥਨਾ ਭਰਿਆ ਭਰਿ ਭਰਿ ਧੋਵਾਂ ॥
ਆਪਿ ਨ ਬੁਝਾ ਲੋਕ ਬੁਝਾਈ ਐਸਾ ਆਗੂ ਹੋਵਾਂ ॥
ਨਾਨਕ ਅੰਧਾ ਹੋਇ ਕੈ ਦਸੇ ਰਾਹੈ ਸਭਸੁ ਮੁਹਾਏ ਸਾਥੈ ॥
ਅਗੈ ਗਇਆ ਮੁਹੇ ਮੁਹਿ ਪਾਹਿ ਸੁ ਐਸਾ ਆਗੂ ਜਾਪੈ ॥੨॥

Sahib Singh
ਹਉ = ਮੈਂ ।
ਕਿਆ ਹੋਵਾ = ਕਿਤਨਾ ਕੁਝ ਬਣ ਬਣ ਦਿਖਾਵਾਂ ?
ਕੀਤਾ ਕਰਣਾ = (ਮੇਰਾ) ਕੰਮ-ਕਾਰ ।
ਕਹਿਆ ਕਥਨਾ = (ਮੇਰਾ) ਬੋਲ-ਚਾਲ ।
ਮੁਹਾਏ = ਠਗਾਂਦਾ ਹੈ ।
ਮੁਹੇ ਮੁਹਿ = ਮੂੰਹ ਉਤੇ, ਮੂੰਹ ਉਤੇ ।
ਪਾਹਿ = ਪੈਂਦੀਆਂ ਹਨ ।
ਕਿਹੁ = ਕੁਝ, ਕੋਈ ਆਤਮਕ ਗੁਣ ।
ਭਰਿ ਭਰਿ = ਭਰੀਜ ਕੇ, ਗੰਦਾ ਹੋ ਕੇ ।
ਐਸਾ = (ਭਾਵ) ਹਾਸੋ = ਹੀਣਾ ।
    
Sahib Singh
ਜਦੋਂ ਮੈਂ ਹਾਂ ਹੀ ਕੁਝ ਨਹੀਂ (ਭਾਵ, ਮੇਰੀ ਆਤਮਕ ਹਸਤੀ ਹੀ ਕੁਝ ਨਹੀਂ ਬਣੀ), ਤਾਂ ਮੈਂ (ਹੋਰਨਾਂ ਨੂੰ) ਉਪਦੇਸ਼ ਕੀਹ ਕਰਾਂ ?
(ਅੰਦਰ) ਕੋਈ ਆਤਮਕ ਗੁਣ ਨਾਹ ਹੁੰਦਿਆਂ ਕਿਤਨਾ ਕੁਝ ਬਣ ਬਣ ਕੇ ਵਿਖਾਵਾਂ?ਮੇਰਾ ਕੰਮ-ਕਾਰ, ਮੇਰਾ ਬੋਲ-ਚਾਲ—ਇਹਨਾਂ ਦੀ ਰਾਹੀਂ (ਮੰਦੇ ਸੰਸਕਾਰਾਂ ਨਾਲ) ਭਰਿਆ ਹੋਇਆ ਕਦੇ ਮੰਦੇ ਪਾਸੇ ਡਿੱਗਦਾ ਹਾਂ ਤੇ (ਕਦੇ ਫੇਰ ਮਨ ਨੂੰ) ਧੋਣ ਦਾ ਜਤਨ ਕਰਦਾ ਹਾਂ ।
ਜਦੋਂ ਮੈਨੂੰ ਆਪ ਨੂੰ ਹੀ ਸਮਝ ਨਹੀਂ ਆਈ ਤੇ ਲੋਕਾਂ ਨੂੰ ਰਾਹ ਦੱਸਦਾ ਹਾਂ, (ਇਸ ਹਾਲਤ ਵਿਚ) ਹਾਸੋ-ਹੀਣਾ ਆਗੂ ਹੀ ਬਣਦਾ ਹਾਂ ।
ਹੇ ਨਾਨਕ! ਜੋ ਮਨੁੱਖ ਆਪ ਅੰਨ੍ਹਾ ਹੈ, ਪਰ ਹੋਰਨਾਂ ਨੂੰ ਰਾਹ ਦੱਸਦਾ ਹੈ, ਉਹ ਸਾਰੇ ਸਾਥ ਨੂੰ ਲੁਟਾ ਦੇਂਦਾ ਹੈ ।
ਅੱਗੇ ਚੱਲ ਕੇ ਮੂੰਹੋਂ ਮੂੰਹ ਉਸ ਨੂੰ (ਜੁੱਤੀਆਂ) ਪੈਂਦੀਆਂ ਹਨ, ਤਦੋਂ ਅਜੇਹਾ ਆਗੂ (ਅਸਲ ਰੂਪ ਵਿਚ) ਉੱਘੜਦਾ ਹੈ ।੨ ।
Follow us on Twitter Facebook Tumblr Reddit Instagram Youtube