ਮਃ ੧ ॥
ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ ॥
ਪਹਿਲਾ ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ ॥
ਚਉਥੀ ਨੀਅਤਿ ਰਾਸਿ ਮਨੁ ਪੰਜਵੀ ਸਿਫਤਿ ਸਨਾਇ ॥
ਕਰਣੀ ਕਲਮਾ ਆਖਿ ਕੈ ਤਾ ਮੁਸਲਮਾਣੁ ਸਦਾਇ ॥
ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ ॥੩॥

Sahib Singh
ਵਖਤ = ਵਕਤ, ਸਮੇ ।
ਦੁਇ = ਦੂਜੀ ।
ਖੈਰ ਖੁਦਾਇ = ਰੱਬ ਤੋਂ ਸਭ ਦਾ ਭਲਾ ਮੰਗਣਾ ।
ਰਾਸਿ = ਰਾਸਤ, ਸਾਫ਼ ।
ਸਨਾਇ = ਵਡਿਆਈ ।
ਪਾਇ = ਪਾਂਇਆਂ, ਇੱਜ਼ਤ ।
    
Sahib Singh
(ਮੁਸਲਮਾਨਾਂ ਦੀਆਂ ਪੰਜ ਨਿਮਾਜ਼ਾਂ ਹਨ, (ਉਹਨਾਂ ਦੇ) ਪੰਜ ਵਕਤ ਹਨ ਤੇ ਪੰਜਾਂ ਹੀ ਨਿਮਾਜ਼ਾਂ ਦੇ (ਵਖੋ ਵਖਰੇ) ਪੰਜ ਨਾਮ ।
(ਪਰ ਅਸਾਡੇ ਮਤ ਵਿਚ ਅਸਲ ਨਿਮਾਜ਼ਾਂ ਇਉਂ ਹਨ—) ਸੱਚ ਬੋਲਣਾ ਨਮਾਜ਼ ਦਾ ਪਹਿਲਾ ਨਾਮ ਹੈ (ਭਾਵ, ਸਵੇਰ ਦੀ ਪਹਿਲੀ ਨਿਮਾਜ਼ ਹੈ), ਹੱਕ ਦੀ ਕਮਾਈ ਦੂਜੀ ਨਮਾਜ਼ ਹੈ, ਰੱਬ ਤੋਂ ਸਭ ਦਾ ਭਲਾ ਮੰਗਣਾ ਨਿਮਾਜ਼ ਦਾ ਤੀਜਾ ਨਾਮ ਹੈ ।
ਨੀਅਤਿ ਨੂੰ ਸਾਫ਼ ਕਰਨਾ ਮਨ ਨੂੰ ਸਾਫ਼ ਰੱਖਣਾ ਇਹ ਚਉਥੀ ਨਿਮਾਜ਼ ਹੈ ਤੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤੇ ਵਡਿਆਈ ਕਰਨੀ ਇਹ ਪੰਜਵੀਂ ਨਮਾਜ਼ ਹੈ ।
(ਇਹਨਾਂਪੰਜਾਂ ਨਮਾਜ਼ਾਂ ਦੇ ਨਾਲ ਨਾਲ) ਉੱਚਾ ਆਚਰਣ ਬਨਾਣ-ਰੂਪ ਕਲਮਾ ਪੜ੍ਹੇ ਤਾਂ (ਆਪਣੇ ਆਪ ਨੂੰ) ਮੁਸਲਮਾਨ ਅਖਵਾਏ (ਭਾਵ, ਤਾਂ ਹੀ ਸੱਚਾ ਮੁਸਲਮਾਨ ਅਖਵਾ ਸਕਦਾ ਹੈ) ।
ਹੇ ਨਾਨਕ! (ਇਹਨਾਂ ਨਮਾਜ਼ਾਂ ਤੇ ਕਲਮੇ ਤੋਂ ਖੁੰਝੇ ਹੋਏ) ਜਿਤਨੇ ਭੀ ਹਨ ਉਹ ਕੂੜ ਦੇ ਵਪਾਰੀ ਹਨ ਤੇ ਕੂੜੇ ਦੀ ਇੱਜ਼ਤ ਭੀ ਕੂੜੀ ਹੀ ਹੁੰਦੀ ਹੈ ।੩ ।
Follow us on Twitter Facebook Tumblr Reddit Instagram Youtube