ਪਵੜੀ ॥
ਜਾਤੀ ਦੈ ਕਿਆ ਹਥਿ ਸਚੁ ਪਰਖੀਐ ॥
ਮਹੁਰਾ ਹੋਵੈ ਹਥਿ ਮਰੀਐ ਚਖੀਐ ॥
ਸਚੇ ਕੀ ਸਿਰਕਾਰ ਜੁਗੁ ਜੁਗੁ ਜਾਣੀਐ ॥
ਹੁਕਮੁ ਮੰਨੇ ਸਿਰਦਾਰੁ ਦਰਿ ਦੀਬਾਣੀਐ ॥
ਫੁਰਮਾਨੀ ਹੈ ਕਾਰ ਖਸਮਿ ਪਠਾਇਆ ॥
ਤਬਲਬਾਜ ਬੀਚਾਰ ਸਬਦਿ ਸੁਣਾਇਆ ॥
ਇਕਿ ਹੋਏ ਅਸਵਾਰ ਇਕਨਾ ਸਾਖਤੀ ॥
ਇਕਨੀ ਬਧੇ ਭਾਰ ਇਕਨਾ ਤਾਖਤੀ ॥੧੦॥

Sahib Singh
ਸਿਰਕਾਰ = ਰਾਜ, ਹਕੂਮਤ ।
ਜੁਗੁ ਜੁਗੁ = ਹਰੇਕ ਜੁਗ ਵਿਚ, ਸਦਾ ਹੀ ।
ਦੀਬਾਣੀਐ = ਦੀਵਾਨ ਵਿਚ, ਦਰਗਾਹ ਵਿਚ ।
ਫੁਰਮਾਨੀ = ਹੁਕਮ ਮੰਨਣਾ ।
ਖਸਮਿ = ਖਸਮ ਨੇ ।
ਪਠਾਇਆ = ਭੇਜਿਆ ।
ਤਬਲਬਾਜ = ਨਗਾਰਚੀ (ਗੁਰੂ) ।
ਸਾਖਤੀ = ਦੁਮਚੀ, (ਦੁਮਚੀਆਂ ਪਾ ਲਈਆਂ—ਤਿਆਰ ਹੋ ਗਏ) ।
ਤਾਖਤੀ = ਦੌੜ, (ਭਾਵ), ਦੌੜ ਪਈ ।
    
Sahib Singh
(ਪ੍ਰਭੂ ਦੇ ਦਰ ਤੇ ਤਾਂ) ਸੱਚਾ ਨਾਮ (-ਰੂਪ ਸਉਦਾ) ਪਰਖਿਆ ਜਾਂਦਾ ਹੈ, ਜਾਤਿ ਦੇ ਹੱਥ ਵਿਚ ਕੁਝ ਨਹੀਂ ਹੈ (ਭਾਵ, ਕਿਸੇ ਜਾਤਿ ਵਰਣ ਦਾ ਕੋਈ ਲਿਹਾਜ਼ ਨਹੀਂ ਹੁੰਦਾ) ।
(ਜਾਤਿ ਦਾ ਅਹੰਕਾਰ ਮਹੁਰੇ ਸਮਾਨ ਹੈ) ਜੇ ਕਿਸੇ ਪਾਸ ਮਹੁਰਾ ਹੋਵੇ (ਭਾਵੇਂ ਕਿਸੇ ਜਾਤਿ ਦਾ ਹੋਵੇ) ਜੇ ਮਹੁਰਾ ਖਾਇਗਾ ਤਾਂ ਮਰੇਗਾ—ਅਕਾਲ ਪੁਰਖ ਦਾ ਇਹ ਨਿਆਂ ਹਰੇਕ ਜੁਗ ਵਿਚ ਵਰਤਦਾ ਸਮਝ ਲਵੋ (ਭਾਵ, ਕਿਸੇ ਭੀ ਜੁਗ ਵਿਚ ਜਾਤਿ ਦਾ ਲਿਹਾਜ਼ ਨਹੀਂ ਹੋਇਆ) ।
ਪ੍ਰਭੂ ਦੇ ਦਰ ਤੇ, ਪ੍ਰਭੂ ਦੀ ਦਰਗਾਹ ਵਿਚ ਉਹੀ ਇੱਜ਼ਤ ਵਾਲਾ ਹੈ ਜੋ ਪ੍ਰਭੂ ਦਾ ਹੁਕਮ ਮੰਨਦਾ ਹੈ ।
ਖਸਮ (ਪ੍ਰਭੂ) ਨੇ (ਜੀਵ ਨੂੰ) ਹੁਕਮ ਮੰਨਣ-ਰੂਪ ਕਾਰ ਦੇ ਕੇ (ਜਗਤ ਵਿਚ) ਭੇਜਿਆ ਹੈ ।
ਨਗਾਚਰੀ ਗੁਰੂ ਨੇ ਸ਼ਬਦ ਦੀ ਰਾਹੀਂ ਇਹੀ ਗੱਲ ਸੁਣਾਈ ਹੈ (ਭਾਵ, ਗੁਰੂ ਨੇ ਸ਼ਬਦ ਦੀ ਰਾਹੀਂ ਇਸੇ ਗੱਲ ਦਾ ਢੰਡੋਰਾ ਦੇ ਦਿੱਤਾ ਹੈ) ।
(ਇਹ ਢੰਡੋਰਾ ਸੁਣ ਕੇ) ਕਈ (ਗੁਰਮੁਖ) ਤਾਂ ਅਸਵਾਰ ਹੋ ਗਏ ਹਨ (ਭਾਵ, ਇਸ ਰਾਹ ਤੇ ਤੁਰ ਪਏ ਹਨ), ਕਈ ਬੰਦੇ ਤਿਆਰ ਹੋ ਪਏ ਹਨ, ਕਈਆਂ ਨੇ ਅਸਬਾਬ ਲੱਦ ਲਏ ਹਨ, ਤੇ ਕਈ ਛੇਤੀ ਦੌੜ ਪਏ ਹਨ ।੧੦ ।
Follow us on Twitter Facebook Tumblr Reddit Instagram Youtube