ਸਲੋਕੁ ਮਃ ੧ ॥
ਜਾ ਪਕਾ ਤਾ ਕਟਿਆ ਰਹੀ ਸੁ ਪਲਰਿ ਵਾੜਿ ॥
ਸਣੁ ਕੀਸਾਰਾ ਚਿਥਿਆ ਕਣੁ ਲਇਆ ਤਨੁ ਝਾੜਿ ॥
ਦੁਇ ਪੁੜ ਚਕੀ ਜੋੜਿ ਕੈ ਪੀਸਣ ਆਇ ਬਹਿਠੁ ॥
ਜੋ ਦਰਿ ਰਹੇ ਸੁ ਉਬਰੇ ਨਾਨਕ ਅਜਬੁ ਡਿਠੁ ॥੧॥

Sahib Singh
ਪਲਰਿ = ਨਾੜ, ਬੂਟੇ ਦੀ ਨਾਲੀ ਜਿਸ ਉੱਤੇ ਸਿੱਟਾ ਉਗਿਆ ਹੁੰਦਾ ਹੈ ।
ਸਣੁ = ਸਮੇਤ ।
ਕੀਸਾਰਾ = ਸਿੱਟੇ ਦੇ ਤਿੱਖੇ ਕੰਡੇ ।
ਕਣੁ = ਦਾਣੇ ।
ਤਨੁ ਝਾੜਿ = (ਬੂਟਿਆਂ ਦਾ) ਤਨ ਝਾੜ ਕੇ, ਬੋਹਲ ਉਡਾ ਕੇ ।
ਬਹਿਠੁ = ਬੈਠੇ ।
ਅਜਬੁ = ਅਚਰਜ ਤਮਾਸ਼ਾ ।
    
Sahib Singh
ਜਦੋਂ (ਕਣਕ ਆਦਿਕ ਫ਼ਸਲ ਦਾ ਬੂਟਾ) ਪੱਕ ਜਾਂਦਾ ਹੈ ਤਾਂ (ਉਤੋਂ ਉਤੋਂ) ਵੱਢ ਲਈਦਾ ਹੈ, (ਕਣਕ ਦੀ) ਨਾੜ ਤੇ (ਪੈਲੀ ਦੀ) ਵਾੜ ਪਿੱਛੇ ਰਹਿ ਜਾਂਦੀ ਹੈ ।
ਇਸ ਨੂੰ ਸਿੱਟਿਆਂ ਸਮੇਤ ਗਾਹ ਲਈਦਾ ਹੈ, ਤੇ ਬੋਹਲ ਉਡਾ ਕੇ ਦਾਣੇ ਕੱਢ ਲਈਦੇ ਹਨ ।
ਚੱਕੀ ਦੇ ਦੋਵੇਂ ਪੁੜ ਰੱਖ ਕੇ (ਇਹਨਾਂ ਦਾਣਿਆਂ ਨੂੰ) ਪੀਹਣ ਲਈ (ਪ੍ਰਾਣੀ) ਆ ਬੈਠਦਾ ਹੈ, (ਪਰ) ਹੇ ਨਾਨਕ! ਇਕ ਅਚਰਜ ਤਮਾਸ਼ਾ ਵੇਖਿਆ ਹੈ, ਜੋ ਦਾਣੇ (ਚੱਕੀ ਦੇ) ਦਰ ਤੇ (ਭਾਵ, ਕਿੱਲੀ ਦੇ ਨੇੜੇ) ਰਹਿੰਦੇ ਹਨ, ਉਹ ਪੀਸਣੋਂ ਬਚ ਜਾਂਦੇ ਹਨ (ਇਸੇ ਤ੍ਰਹਾਂ, ਜੋ ਮਨੁੱਖ ਪ੍ਰਭੂ ਦੇ ਦਰ ਤੇ ਰਹਿੰਦੇ ਹਨ ਉਹਨਾਂ ਨੂੰੂੰ ਜਗਤ ਦੇ ਵਿਕਾਰ ਪੋਹ ਨਹੀਂ ਸਕਦੇ) ।੧ ।
Follow us on Twitter Facebook Tumblr Reddit Instagram Youtube