ਮਃ ੧ ॥
ਕੈਹਾ ਕੰਚਨੁ ਤੁਟੈ ਸਾਰੁ ॥
ਅਗਨੀ ਗੰਢੁ ਪਾਏ ਲੋਹਾਰੁ ॥
ਗੋਰੀ ਸੇਤੀ ਤੁਟੈ ਭਤਾਰੁ ॥
ਪੁਤੀਂ ਗੰਢੁ ਪਵੈ ਸੰਸਾਰਿ ॥
ਰਾਜਾ ਮੰਗੈ ਦਿਤੈ ਗੰਢੁ ਪਾਇ ॥
ਭੁਖਿਆ ਗੰਢੁ ਪਵੈ ਜਾ ਖਾਇ ॥
ਕਾਲਾ ਗੰਢੁ ਨਦੀਆ ਮੀਹ ਝੋਲ ॥
ਗੰਢੁ ਪਰੀਤੀ ਮਿਠੇ ਬੋਲ ॥
ਬੇਦਾ ਗੰਢੁ ਬੋਲੇ ਸਚੁ ਕੋਇ ॥
ਮੁਇਆ ਗੰਢੁ ਨੇਕੀ ਸਤੁ ਹੋਇ ॥
ਏਤੁ ਗੰਢਿ ਵਰਤੈ ਸੰਸਾਰੁ ॥
ਮੂਰਖ ਗੰਢੁ ਪਵੈ ਮੁਹਿ ਮਾਰ ॥
ਨਾਨਕੁ ਆਖੈ ਏਹੁ ਬੀਚਾਰੁ ॥
ਸਿਫਤੀ ਗੰਢੁ ਪਵੈ ਦਰਬਾਰਿ ॥੨॥

Sahib Singh
ਕੰਚਨੁ = ਸੋਨਾ ।
ਸਾਰੁ = ਲੋਹਾ ।
ਗੰਢੁ = ਗਾਂਢਾ ।
ਗੋਰੀ = ਇਸਤ੍ਰੀ, ਵਹੁਟੀ ।
ਕਾਲ@ਾ ਗੰਢੁ = ਕਾਲਾਂ ਦਾ ਖ਼ਾਤਮਾ ।
ਝੋਲ = ਬਹੁਤ ਮੀਂਹ ।
ਮੁਇਆ ਗੰਢੁ = ਮੋਏ ਮਨੁੱਖਾਂ ਦਾ ਦੁਨੀਆ ਨਾਲ ਸੰਬੰਧ ।
ਸਤੁ = ਦਾਨ ।
ਏਤੁ ਗੰਢਿ = ਇਸ ਗਾਂਢੇ ਨਾਲ, ਇਸ ਸੰਬੰਧ ਨਾਲ ।
ਮੁਹਿ = ਮੂੰਹ ਉਤੇ ।
    
Sahib Singh
ਜੇ ਕੈਹਾਂ, ਸੋਨਾ ਜਾਂ ਲੋਹਾ ਟੁੱਟ ਜਾਏ, ਅੱਗ ਨਾਲ ਲੋਹਾਰ (ਆਦਿਕ) ਗਾਂਢਾ ਲਾ ਦੇਂਦਾ ਹੈ, ਜੇ ਵਹੁਟੀ ਨਾਲ ਖਸਮ ਨਾਰਾਜ਼ ਹੋ ਜਾਏ, ਤਾਂ ਜਗਤ ਵਿਚ (ਇਹਨਾਂ ਦਾ) ਜੋੜ ਪੁੱਤ੍ਰਾਂ ਦੀ ਰਾਹੀਂ ਬਣਦਾ ਹੈ ।
ਰਾਜਾ (ਪਰਜਾ ਪਾਸੋਂ ਮਾਮਲਾ) ਮੰਗਦਾ ਹੈ (ਨਾਹ ਦਿੱਤਾ ਜਾਏ ਤਾਂ ਰਾਜਾ ਪਰਜਾ ਦੀ ਵਿਗੜਦੀ ਹੈ, ਮਾਮਲਾ) ਦਿੱਤਿਆਂ (ਰਾਜਾ ਪਰਜਾ ਦਾ) ਮੇਲ ਬਣਦਾ ਹੈ ।
ਭੁੱਖ ਨਾਲ ਆਤੁਰ ਹੋਏ ਬੰਦੇ ਦਾ (ਆਪਣੇ ਸਰੀਰ ਨਾਲ ਤਾਂ ਹੀ) ਸੰਬੰਧ ਬਣਿਆ ਰਹਿੰਦਾ ਹੈ ਜੇ ਉਹ (ਰੋਟੀ) ਖਾਏ ।
ਕਾਲਾਂ ਨੂੰ ਗੰਢ ਪੈਂਦੀ ਹੈ (ਭਾਵ, ਕਾਲ ਮੁੱਕ ਜਾਂਦੇ ਹਨ) ਜੇ ਬਹੁਤੇ ਮੀਂਹ ਪੈ ਕੇ ਨਦੀਆਂ ਚੱਲਣ ।
ਮਿੱਠੇ ਬਚਨਾਂ ਨਾਲ ਪਿਆਰ ਦੀ ਗੰਢ ਪੈਂਦੀ ਹੈ (ਭਾਵ, ਪਿਆਰ ਪੱਕਾ ਹੁੰਦਾ ਹੈ ।
ਵੈਦ (ਆਦਿਕ ਧਰਮ ਪੁਸਤਕਾਂ) ਨਾਲ (ਮਨੁੱਖ ਦਾ ਤਦੋਂ) ਜੋੜ ਜੋੜਦਾ ਹੈ ਜੇ ਮਨੁੱਖ ਸੱਚ ਬੋਲੇ ।
ਮੁਏ ਬੰਦਿਆਂ ਦਾ (ਜਗਤ ਨਾਲ) ਸੰਬੰਧ ਬਣਿਆ ਰਹਿੰਦਾ ਹੈ (ਭਾਵ, ਪਿਛੋਂ ਲੋਕ ਯਾਦ ਕਰਦੇ ਹਨ) ਜੇ ਮਨੁੱਖ ਭਲਾਈ ਤੇ ਦਾਨ ਕਰਦਾ ਰਹੇ ।
(ਸੋ) ਇਸ ਤ੍ਰਹਾਂ ਦੇ ਸੰਬੰਧ ਨਾਲ ਜਗਤ (ਦਾ ਵਿਹਾਰ) ਚੱਲਦਾ ਹੈ ।
ਮੂੰਹ ਤੇ ਮਾਰ ਪਿਆਂ ਮੂਰਖ (ਦੇ ਮੂਰਖ-ਪੁਣੇ) ਨੂੰ ਰੋਕ ਪਾਂਦੀ ਹੈ ।
ਨਾਨਕ ਇਹ ਵਿਚਾਰ (ਦੀ ਗੱਲ) ਦੱਸਦਾ ਹੈ, ਕਿ (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਦੀ ਰਾਹੀਂ (ਪ੍ਰਭੂ ਦੇ ਦਰਬਾਰ ਵਿਚ (ਆਦਰ-ਪਿਆਰ ਦਾ) ਜੋੜ ਜੁੜਦਾ ਹੈ ।੨ ।
Follow us on Twitter Facebook Tumblr Reddit Instagram Youtube