ਪਉੜੀ ॥
ਸਤਿਗੁਰੁ ਸੇਵਿ ਨਿਸੰਗੁ ਭਰਮੁ ਚੁਕਾਈਐ ॥
ਸਤਿਗੁਰੁ ਆਖੈ ਕਾਰ ਸੁ ਕਾਰ ਕਮਾਈਐ ॥
ਸਤਿਗੁਰੁ ਹੋਇ ਦਇਆਲੁ ਤ ਨਾਮੁ ਧਿਆਈਐ ॥
ਲਾਹਾ ਭਗਤਿ ਸੁ ਸਾਰੁ ਗੁਰਮੁਖਿ ਪਾਈਐ ॥
ਮਨਮੁਖਿ ਕੂੜੁ ਗੁਬਾਰੁ ਕੂੜੁ ਕਮਾਈਐ ॥
ਸਚੇ ਦੈ ਦਰਿ ਜਾਇ ਸਚੁ ਚਵਾਂਈਐ ॥
ਸਚੈ ਅੰਦਰਿ ਮਹਲਿ ਸਚਿ ਬੁਲਾਈਐ ॥
ਨਾਨਕ ਸਚੁ ਸਦਾ ਸਚਿਆਰੁ ਸਚਿ ਸਮਾਈਐ ॥੧੫॥

Sahib Singh
ਨਿਸੰਗੁ = ਝਾਕਾ ਉਤਾਰ ਕੇ, ਸੱਚੇ ਦਿਲੋਂ ।
ਸਾਰੁ = ਸ੍ਰੇਸ਼ਟ ।
ਲਾਹਾ = ਲਾਭ, ਨਫ਼ਾ ।
ਚਵਾਂਈਐ = ਬੋਲੀਐ ।
ਸਚਿ = ਸਚੇ ਦੀ ਰਾਹੀਂ ।
ਸਚਿਆਰੁ = ਸੱਚ ਦਾ ਵਪਾਰੀ ।
    
Sahib Singh
ਜੇ ਸੱਚੇ ਦਿਲੋਂ ਗੁਰੂ ਦਾ ਹੁਕਮ ਮੰਨੀਏ, ਤਾਂ ਭਟਕਣਾ ਦੂਰ ਹੋ ਜਾਂਦੀ ਹੈ ।
ਉਹੀ ਕੰਮ ਕਰਨਾ ਚਾਹੀਦਾ ਹੈ, ਜੋ ਗੁਰੂ ਕਰਨ ਲਈ ਆਖੇ ।
ਜੇ ਸਤਿਗੁਰੂ ਮਿਹਰ ਕਰੇ, ਤਾਂ ਪ੍ਰਭੂ ਦਾ ਨਾਮ ਸਿਮਰਿਆ ਜਾ ਸਕਦਾ ਹੈ ।
ਗੁਰੂ ਦੇ ਸਨਮੁਖ ਹੋਇਆਂ ਪ੍ਰਭੂ ਦੀ ਬੰਦਗੀ-ਰੂਪ ਸਭ ਤੋਂ ਚੰਗਾ ਲਾਭ ਮਿਲਦਾ ਹੈ ।
ਪਰ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਨਿਰਾ ਕੂੜ ਨਿਰਾ ਹਨੇਰਾ ਹੀ ਖੱਟਦਾ ਹੈ ।
ਜੇ ਸੱਚੇ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਸੱਚੇ ਦਾ ਨਾਮ ਜਪੀਏ, ਤਾਂ ਇਸ ਸੱਚੇ ਨਾਮ ਦੀ ਰਾਹੀਂ ਸੱਚੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦਾ ਹੈ ।
ਹੇ ਨਾਨਕ! (ਜਿਸ ਦੇ ਪੱਲੇ) ਸਦਾ ਸੱਚ ਹੈ ਉਹ ਸੱਚ ਦਾ ਵਪਾਰੀ ਹੈ ਉਹ ਸੱਚ ਵਿਚ ਲੀਨ ਰਹਿੰਦਾ ਹੈ ।੧੫ ।
Follow us on Twitter Facebook Tumblr Reddit Instagram Youtube