ਗਉੜੀ ਮਹਲਾ ੧ ॥
ਡਰਿ ਘਰੁ ਘਰਿ ਡਰੁ ਡਰਿ ਡਰੁ ਜਾਇ ॥
ਸੋ ਡਰੁ ਕੇਹਾ ਜਿਤੁ ਡਰਿ ਡਰੁ ਪਾਇ ॥
ਤੁਧੁ ਬਿਨੁ ਦੂਜੀ ਨਾਹੀ ਜਾਇ ॥
ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥੧॥
ਡਰੀਐ ਜੇ ਡਰੁ ਹੋਵੈ ਹੋਰੁ ॥
ਡਰਿ ਡਰਿ ਡਰਣਾ ਮਨ ਕਾ ਸੋਰੁ ॥੧॥ ਰਹਾਉ ॥
ਨਾ ਜੀਉ ਮਰੈ ਨ ਡੂਬੈ ਤਰੈ ॥
ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥
ਹੁਕਮੇ ਆਵੈ ਹੁਕਮੇ ਜਾਇ ॥
ਆਗੈ ਪਾਛੈ ਹੁਕਮਿ ਸਮਾਇ ॥੨॥
ਹੰਸੁ ਹੇਤੁ ਆਸਾ ਅਸਮਾਨੁ ॥
ਤਿਸੁ ਵਿਚਿ ਭੂਖ ਬਹੁਤੁ ਨੈ ਸਾਨੁ ॥
ਭਉ ਖਾਣਾ ਪੀਣਾ ਆਧਾਰੁ ॥
ਵਿਣੁ ਖਾਧੇ ਮਰਿ ਹੋਹਿ ਗਵਾਰ ॥੩॥
ਜਿਸ ਕਾ ਕੋਇ ਕੋਈ ਕੋਇ ਕੋਇ ॥
ਸਭੁ ਕੋ ਤੇਰਾ ਤੂੰ ਸਭਨਾ ਕਾ ਸੋਇ ॥
ਜਾ ਕੇ ਜੀਅ ਜੰਤ ਧਨੁ ਮਾਲੁ ॥
ਨਾਨਕ ਆਖਣੁ ਬਿਖਮੁ ਬੀਚਾਰੁ ॥੪॥੨॥