ਗਉੜੀ ਮਹਲਾ ੩ ॥
ਨਾਮੁ ਅਮੋਲਕੁ ਗੁਰਮੁਖਿ ਪਾਵੈ ॥
ਨਾਮੋ ਸੇਵੇ ਨਾਮਿ ਸਹਜਿ ਸਮਾਵੈ ॥
ਅੰਮ੍ਰਿਤੁ ਨਾਮੁ ਰਸਨਾ ਨਿਤ ਗਾਵੈ ॥
ਜਿਸ ਨੋ ਕ੍ਰਿਪਾ ਕਰੇ ਸੋ ਹਰਿ ਰਸੁ ਪਾਵੈ ॥੧॥

ਅਨਦਿਨੁ ਹਿਰਦੈ ਜਪਉ ਜਗਦੀਸਾ ॥
ਗੁਰਮੁਖਿ ਪਾਵਉ ਪਰਮ ਪਦੁ ਸੂਖਾ ॥੧॥ ਰਹਾਉ ॥

ਹਿਰਦੈ ਸੂਖੁ ਭਇਆ ਪਰਗਾਸੁ ॥
ਗੁਰਮੁਖਿ ਗਾਵਹਿ ਸਚੁ ਗੁਣਤਾਸੁ ॥
ਦਾਸਨਿ ਦਾਸ ਨਿਤ ਹੋਵਹਿ ਦਾਸੁ ॥
ਗ੍ਰਿਹ ਕੁਟੰਬ ਮਹਿ ਸਦਾ ਉਦਾਸੁ ॥੨॥

ਜੀਵਨ ਮੁਕਤੁ ਗੁਰਮੁਖਿ ਕੋ ਹੋਈ ॥
ਪਰਮ ਪਦਾਰਥੁ ਪਾਵੈ ਸੋਈ ॥
ਤ੍ਰੈ ਗੁਣ ਮੇਟੇ ਨਿਰਮਲੁ ਹੋਈ ॥
ਸਹਜੇ ਸਾਚਿ ਮਿਲੈ ਪ੍ਰਭੁ ਸੋਈ ॥੩॥

ਮੋਹ ਕੁਟੰਬ ਸਿਉ ਪ੍ਰੀਤਿ ਨ ਹੋਇ ॥
ਜਾ ਹਿਰਦੈ ਵਸਿਆ ਸਚੁ ਸੋਇ ॥
ਗੁਰਮੁਖਿ ਮਨੁ ਬੇਧਿਆ ਅਸਥਿਰੁ ਹੋਇ ॥
ਹੁਕਮੁ ਪਛਾਣੈ ਬੂਝੈ ਸਚੁ ਸੋਇ ॥੪॥

ਤੂੰ ਕਰਤਾ ਮੈ ਅਵਰੁ ਨ ਕੋਇ ॥
ਤੁਝੁ ਸੇਵੀ ਤੁਝ ਤੇ ਪਤਿ ਹੋਇ ॥
ਕਿਰਪਾ ਕਰਹਿ ਗਾਵਾ ਪ੍ਰਭੁ ਸੋਇ ॥
ਨਾਮ ਰਤਨੁ ਸਭ ਜਗ ਮਹਿ ਲੋਇ ॥੫॥

ਗੁਰਮੁਖਿ ਬਾਣੀ ਮੀਠੀ ਲਾਗੀ ॥
ਅੰਤਰੁ ਬਿਗਸੈ ਅਨਦਿਨੁ ਲਿਵ ਲਾਗੀ ॥
ਸਹਜੇ ਸਚੁ ਮਿਲਿਆ ਪਰਸਾਦੀ ॥
ਸਤਿਗੁਰੁ ਪਾਇਆ ਪੂਰੈ ਵਡਭਾਗੀ ॥੬॥

ਹਉਮੈ ਮਮਤਾ ਦੁਰਮਤਿ ਦੁਖ ਨਾਸੁ ॥
ਜਬ ਹਿਰਦੈ ਰਾਮ ਨਾਮ ਗੁਣਤਾਸੁ ॥
ਗੁਰਮੁਖਿ ਬੁਧਿ ਪ੍ਰਗਟੀ ਪ੍ਰਭ ਜਾਸੁ ॥
ਜਬ ਹਿਰਦੈ ਰਵਿਆ ਚਰਣ ਨਿਵਾਸੁ ॥੭॥

ਜਿਸੁ ਨਾਮੁ ਦੇਇ ਸੋਈ ਜਨੁ ਪਾਏ ॥
ਗੁਰਮੁਖਿ ਮੇਲੇ ਆਪੁ ਗਵਾਏ ॥
ਹਿਰਦੈ ਸਾਚਾ ਨਾਮੁ ਵਸਾਏ ॥
ਨਾਨਕ ਸਹਜੇ ਸਾਚਿ ਸਮਾਏ ॥੮॥੭॥

Sahib Singh
ਅਮੋਲਕੁ = ਜੇਹੜਾ ਕਿਸੇ ਭੀ ਮੁੱਲ ਤੋਂ ਨਾਹ ਮਿਲ ਸਕੇ ।
ਗੁਰਮੁਖਿ = ਗੁਰੂ ਦੇ ਸਨਮੁਖ ਰਹਿਣਵਾਲਾ ਮਨੁੱਖ ।
ਨਾਮੋ = ਨਾਮ ਹੀ ।
ਨਾਮਿ = ਨਾਮ ਦੀ ਰਾਹੀਂ ।
ਸਹਜਿ = ਆਤਮਕ ਅਡੋਲਤਾ ਵਿਚ ।
ਅੰਮਿ੍ਰਤੁ = ਆਤਮਕ ਜੀਵਨ ਦੇਣ ਵਾਲਾ ।
ਰਸਨਾ = ਜੀਭ ਨਾਲ ।੧ ।
ਅਨਦਿਨੁ = ਹਰ ਰੋਜ਼, ਹਰ ਵੇਲੇ ।
ਹਿਰਦੈ = ਹਿਰਦੇ ਵਿਚ ।
ਜਪਉ = ਜਪਉਂ, ਮੈਂ ਜਪਦਾ ਹਾਂ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।
ਪਾਵਉ = ਮੈਂ ਪ੍ਰਾਪਤ ਕਰਦਾ ਹਾਂ ।
ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ ।੧।ਰਹਾਉ ।
ਪਰਗਾਸੁ = ਚਾਨਣ ।
ਸਚੁ = ਸਦਾ = ਥਿਰ ਰਹਿਣ ਵਾਲਾ ਪ੍ਰਭੂ ।
ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ ।
ਗਿ੍ਰਹ = ਘਰ ।
ਕੁਟੰਬ = ਪਰਵਾਰ ।੨ ।
ਮੁਕਤੁ = ਮਾਇਆ ਦੇ ਬੰਧਨਾਂ ਤੋਂ ਆਜ਼ਾਦ ।
ਕੋ = ਕੋਈ ਵਿਰਲਾ ।
ਸਹਜੇ = ਆਤਮਕ ਅਡੋਲਤਾ ਵਿਚ ਟਿਕ ਕੇ ।
ਸਾਚਿ = ਸਦਾ = ਥਿਰ ਪ੍ਰਭੂ ਵਿਚ (ਜੁੜੇ ਰਹਿਣ ਕਰਕੇ) ।੩ ।
ਕੁਟੰਬ ਸਿਉ = ਕੁਟੰਬ ਨਾਲ ।
ਜਾ = ਜਦੋਂ ।
ਬੇਧਿਆ = ਵਿੱਝ ਜਾਂਦਾ ਹੈ ।
ਅਸਥਿਰੁ = ਸ਼ਾਂਤ, ਟਿਕਿਆ ਹੋਇਆ, ਅਡੋਲ ।
ਸਚੁ = ਸਦਾ = ਥਿਰ ਰਹਿਣ ਵਾਲਾ ਪਰਮਾਤਮਾ ।੪ ।
ਸੇਵੀ = ਸੇਵੀਂ, ਮੈਂ ਸਿਮਰਦਾ ਹਾਂ ।
ਤੇ = ਤੋਂ ।
ਪਤਿ = ਇੱਜ਼ਤ ।
ਕਰਹਿ = ਤੂੰ ਕਰੇਂ ।
ਗਾਵਾ = ਗਾਵਾਂ, ਮੈਂ ਗਾਂਦਾ ਰਹਾਂ ।
ਲੋਇ = ਚਾਨਣ ।੫ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।
ਅੰਤਰੁ = ਹਿਰਦਾ {ਲਫ਼ਜ਼ ‘ਅੰਤਰਿ’ ਅਤੇ ‘ਅੰਤਰੁ’ ਦਾ ਫ਼ਰਕ ਚੇਤੇ ਰੱਖਣ-ਜੋਗ ਹੈ ।
ਅੰਤਰਿ = ਅੰਦਰ ।
ਅੰਤਰੁ = ਅੰਦਰਲਾ, ਹਿਰਦਾ} ।
ਬਿਗਸੈ = ਖਿੜ ਪੈਂਦਾ ਹੈ ।
ਪਰਸਾਦੀ = ਪਰਸਾਦਿ, (ਗੁਰੂ ਦੀ) ਕਿਰਪਾ ਨਾਲ ।
ਪੂਰੈ ਵਡਭਾਗੀ = ਪੂਰੇ ਵੱਡੇ ਭਾਗ ਨਾਲ ।੬ ।
ਮਮਤਾ = ਅਪਣੱਤ ।
ਦੁਰਮਤਿ = ਖੋਟੀ ਬੁੱਧੀ ।
ਦੁਖ ਨਾਸੁ = ਦੁੱਖਾਂ ਦਾ ਨਾਸ ।
ਪ੍ਰਭ ਜਾਸੁ = ਪ੍ਰਭੂ ਦਾ ਜਸ ।
ਰਵਿਆ = ਸਿਮਰਿਆ ।੭ ।
ਦੇਇ = ਦੇਂਦਾ ਹੈ ।
ਆਪੁ = ਆਪਾ = ਭਾਵ ।੮ ।
    
Sahib Singh
(ਹੇ ਭਾਈ!) ਮੈਂ ਹਰ ਵੇਲੇ ਆਪਣੇ ਹਿਰਦੇ ਵਿਚ ਜਗਤ ਦੇ ਮਾਲਕ ਪਰਮਾਤਮਾ ਦਾ ਨਾਮ ਜਪਦਾ ਹਾਂ! ਗੁਰੂ ਦੀ ਸਰਨ ਪੈ ਕੇ ਮੈਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ ਹੈ, ਮੈਂ ਆਤਮਕ ਆਨੰਦ ਮਾਣ ਰਿਹਾ ਹਾਂ ।੧।ਰਹਾਉ ।
(ਹੇ ਭਾਈ!) ਪਰਮਾਤਮਾ ਦਾ ਨਾਮ ਕਿਸੇ ਭੀ ਮੁੱਲ ਤੋਂ ਨਹੀਂ ਮਿਲ ਸਕਦਾ, ਉਹੀ ਮਨੁੱਖ ਹਾਸਲ ਕਰਦਾ ਹੈ ਜੋ ਗੁਰੂ ਦੀ ਸਰਨ ਪੈਂਦਾ ਹੈ ।
ਉਹ (ਹਰ ਵੇਲੇ) ਨਾਮ ਹੀ ਸਿਮਰਦਾ ਹੈ ਤੇ ਨਾਮ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।
ਪਰ ਉਹੀ ਮਨੁੱਖ ਹਰਿ-ਨਾਮ ਦਾ ਰਸ ਮਾਣਦਾ ਹੈ ਜਿਸ ਉਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ ।੧ ।
ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਗੁਣਾਂ ਦੇ ਖ਼ਜ਼ਾਨੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਹਨ, ਉਹਨਾਂ ਦੇ ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹਨਾਂ ਦੇ ਅੰਦਰ ਚਾਨਣ ਪੈਦਾ ਹੋ ਜਾਂਦਾ ਹੈ, ਉਹ ਸਦਾ ਪਰਮਾਤਮਾ ਦੇ ਸੇਵਕਾਂ ਦੇ ਸੇਵਕ ਬਣੇ ਰਹਿੰਦੇ ਹਨ, ਉਹ ਮਨੁੱਖ ਗਿ੍ਰਹਸਤ ਜੀਵਨ ਵਿਚ ਰਹਿੰਦੇ ਹੋਏ ਪਰਵਾਰ ਵਿਚ ਰਹਿੰਦੇ ਹੋਏ ਭੀ (ਮਾਇਆ ਦੇ ਮੋਹ ਵਲੋਂ) ਉਪਰਾਮ ਰਹਿੰਦੇ ਹਨ ।੨ ।
(ਹੇ ਭਾਈ!) ਕੋਈ ਵਿਰਲਾ ਮਨੁੱਖ ਜੇਹੜਾ ਗੁਰੂ ਦੀ ਸਰਨ ਪੈਂਦਾ ਹੈ ਦੁਨੀਆ ਦਾ ਕਾਰ-ਵਿਹਾਰ ਕਰਦਾ ਹੋਇਆ ਭੀ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੁੰਦਾ ਹੈ, ਉਹੀ ਮਨੁੱਖ ਸਾਰੇ ਪਦਾਰਥਾਂ ਤੋਂ ਸ੍ਰੇਸ਼ਟ ਨਾਮ-ਪਦਾਰਥ ਹਾਸਲ ਕਰਦਾ ਹੈ, ਉਹ ਮਨੁੱਖ (ਆਪਣੇ ਅੰਦਰੋਂ ਮਾਇਆ ਦੇ) ਤਿੰਨਾਂ ਗੁਣਾਂ ਦਾ ਪ੍ਰਭਾਵ ਮਿਟਾ ਲੈਂਦਾ ਹੈ ਤੇ ਪਵਿਤ੍ਰ-ਆਤਮਾ ਬਣ ਜਾਂਦਾ ਹੈ ।
ਆਤਮਕ ਅਡੋਲਤਾ ਵਿਚ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜੇ ਰਹਿਣ ਕਰਕੇ ਉਸ ਨੂੰ ਉਹ ਪ੍ਰਭੂ ਮਿਲ ਪੈਂਦਾ ਹੈ ।੩ ।
(ਹੇ ਭਾਈ! ਜਦੋਂ ਕਿਸੇ ਮਨੁੱਖ ਦੇ ਹਿਰਦੇ ਵਿਚ ਉਹ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆ ਵੱਸਦਾ ਹੈ, ਤਾਂ ਉਸ ਦਾ ਆਪਣੇ ਪਰਵਾਰ ਨਾਲ (ਉਹ) ਮੋਹ-ਪਿਆਰ ਨਹੀਂ ਰਹਿੰਦਾ (ਜੋ ਤ੍ਰੈਗੁਣੀ ਮਾਇਆ ਵਿਚ ਫਸਾਂਦਾ ਹੈ) ।
ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਵਿੱਝ ਜਾਂਦਾ ਹੈ ਤੇ ਅਡੋਲ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਪਛਾਣਦਾ ਹੈ (ਪਰਮਾਤਮਾ ਦੇ ਸੁਭਾਵ ਨਾਲ ਆਪਣਾ ਸੁਭਾਉ ਮਿਲਾ ਲੈਂਦਾ ਹੈ) ਉਹ ਮਨੁੱਖ ਉਸ ਸਦਾ-ਥਿਰ ਪ੍ਰਭੂ ਨੂੰ ਸਮਝ ਲੈਂਦਾ ਹੈ ।੪ ।
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦਾ ਮਨ ਪਰਮਾਤਮਾ ਦੀ ਯਾਦ ਵਿਚ ਵਿੱਝ ਜਾਂਦਾ ਹੈ, ਉਹ ਇਉਂ ਅਰਦਾਸ ਕਰਦਾ ਹੈ—ਹੇ ਪ੍ਰਭੂ!) ਤੂੰ ਹੀ ਜਗਤ ਦਾ ਪੈਦਾ ਕਰਨ ਵਾਲਾ ਹੈਂ, ਮੈਨੂੰ ਤੈਥੋਂ ਬਿਨਾ ਕੋਈ ਆਸਰਾ ਨਹੀਂ ਦਿੱਸਦਾ, ਮੈਂ ਸਦਾ ਤੇਰਾ ਹੀ ਸਿਮਰਨ ਕਰਦਾ ਹਾਂ, ਮੈਨੂੰ ਤੇਰੇ ਦਰ ਤੋਂ ਹੀ ਇੱਜ਼ਤ ਮਿਲਦੀ ਹੈ ।
ਜੇ ਤੂੰ ਆਪ ਮਿਹਰ ਕਰੇਂ, ਤਾਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ, ਤੇਰਾ ਨਾਮ ਹੀ ਮੇਰੇ ਵਾਸਤੇ ਸਭ ਤੋਂ ਸ੍ਰੇਸ਼ਟ ਪਦਾਰਥ ਹੈ, ਤੇਰਾ ਨਾਮ ਹੀ ਜਗਤ ਵਿਚ (ਆਤਮਕ ਜੀਵਨ ਲਈ) ਚਾਨਣ (ਪੈਦਾ ਕਰਨ ਵਾਲਾ) ਹੈ ।੫ ।
(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਿੱਠੀ ਲੱਗਣ ਲੱਗ ਪੈਂਦੀ ਹੈ, ਉਸ ਦਾ ਹਿਰਦਾ ਖਿੜ ਆਉਂਦਾ ਹੈ, ਉਸ ਦੀ ਸੁਰਤਿ ਹਰ ਵੇਲੇ (ਪ੍ਰਭੂ-ਚਰਨਾਂ ਵਿਚ) ਜੁੜੀ ਰਹਿੰਦੀ ਹੈ ।
ਗੁਰੂ ਦੀ ਕਿਰਪਾ ਨਾਲ ਆਤਮਕ ਅਡੋਲਤਾ ਦੀ ਰਾਹੀਂ ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ ।
(ਪਰ ਹੇ ਭਾਈ!) ਗੁਰੂ ਪੂਰੇ ਭਾਗ ਨਾਲ ਵੱਡੇ ਭਾਗ ਨਾਲ ਹੀ ਮਿਲਦਾ ਹੈ ।੬ ।
(ਹੇ ਭਾਈ!) ਜਦੋਂ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਆ ਵੱਸਦਾ ਹੈ, ਤਦੋਂ ਅੰਦਰੋਂ ਹਉਮੈ ਦਾ, ਅਪਣੱਤ ਦਾ, ਖੋਟੀ ਬੁੱਧੀ ਦਾ, ਦੁੱਖਾਂ ਦਾ ਨਾਸ ਹੋ ਜਾਂਦਾ ਹੈ ।
(ਹੇ ਭਾਈ!) ਜਦੋਂ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰਦਾ ਹੈ ਜਦੋਂ ਪ੍ਰਭੂ-ਚਰਨਾਂ ਵਿਚ ਟਿਕਦਾ ਹੈ, ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਦਾ ਹੈ ਤਾਂ ਇਸ ਦੀ ਬੁੱਧੀ ਉੱਜਲ ਹੋ ਜਾਂਦੀ ਹੈ ।੭ ।
ਹੇ ਨਾਨਕ! ਉਹੀ ਮਨੁੱਖ ਪਰਮਾਤਮਾ ਦਾ ਨਾਮ ਹਾਸਲ ਕਰਦਾ ਹੈ, ਜਿਸ ਨੂੰ ਪਰਮਾਤਮਾ ਆਪ ਆਪਣਾ ਨਾਮ ਬਖ਼ਸ਼ਦਾ ਹੈ ।
ਜਿਸ ਮਨੁੱਖ ਨੂੰ ਗੁਰੂ ਦੀ ਸਰਨ ਪਾ ਕੇ ਪ੍ਰਭੂ ਆਪਣੇ ਨਾਲ ਮਿਲਾਂਦਾ ਹੈ, ਉਹ ਮਨੁੱਖ ਆਪਣੇਅੰਦਰੋਂ ਆਪਾ-ਭਾਵ ਦੂਰ ਕਰ ਦੇਂਦਾ ਹੈ, ਉਹ ਮਨੁੱਖ ਆਪਣੇ ਹਿਰਦੇ ਵਿਚ ਸਦਾ-ਥਿਰ ਰਹਿਣ ਵਾਲਾ ਹਰਿ-ਨਾਮ ਵਸਾਂਦਾ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆ ਰਹਿੰਦਾ ਹੈ ।੮।੭ ।
Follow us on Twitter Facebook Tumblr Reddit Instagram Youtube